ਪੱਤਰ ਪ੍ਰੇਰਕ
ਲਹਿਰਾਗਾਗਾ, 11 ਮਾਰਚ
ਇਥੇ ਲੋਕ ਚੇਤਨਾ ਮੰਚ ਲਹਿਰਾਗਾਗਾ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਕਰਵਾਏ ਜਾ ਰਹੇ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੀਟਿੰਗ ਅੱਜ ਇੱਥੇ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੰਚ ਸਕੱਤਰ ਮਾਸਟਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਮੰਚ ਵੱਲੋਂ ਪ੍ਰੋਗਰਾਮ ਦੀ ਸਫਲਤਾ ਲਈ ਪ੍ਰਚਾਰ ਤੇ ਫੰਡ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਫਲੈਕਸ, ਪੋਸਟਰ, ਹੱਥ ਪਰਚੇ ਤਿਆਰ ਕਰਨ ਤੋਂ ਇਲਾਵਾ ਇਸ ਵਾਰ ਸ਼ੋਸ਼ਲ ਮੀਡੀਆ ਰਾਹੀਂ ਪ੍ਰਚਾਰ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਰੂਸ ਵੱਲੋਂ ਯੂਕਰੇਨ ’ਤੇ ਹਮਲਾ ਕਰਨ ਦੀ ਨਿੰਦਾ ਕੀਤੀ ਗਈ। ਮੰਚ ਨੇ ਭਾਰਤ ਸਰਕਾਰ ਤੋਂ ਯੂਕਰੇਨ ਜੰਗ ਦੀ ਮਾਰ ਝੱਲਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਪੜ੍ਹਾਈ ਮੁਕੰਮਲ ਕਰਾਉਣ ਦੀ ਮੰਗ ਵੀ ਕੀਤੀ ਹੈ। ਇੱਕ ਹੋਰ ਮਤੇ ਰਾਹੀਂ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮ ਬਦਲਣ ਨੂੂੰ ਪੰਜਾਬ ਦੇ ਹੱਕਾਂ ’ਤੇ ਛਾਪਾ ਦੱਸਿਆ।