ਸਕੂਲ ਆਫ ਐਮੀਨੈਂਸ ’ਚ ਦਾਖ਼ਲੇ ਲਈ ਦਬਾਅ ਪਾਉਣਾ ਗ਼ਲਤ: ਜੀ ਟੀ ਯੂ
ਸੌ ਫੀਸਦ ਦਾਖ਼ਲੇ ਲੲੀ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼
ਗੌਰਮਿੰਟ ਟੀਚਰਜ਼ ਯੂਨੀਅਨ (ਜੀ ਟੀ ਯੂ) ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਤੋਂ ਚੱਲ ਰਹੇ ਸਕੂਲਾਂ ਦੀ ਲਿੱਪਾ-ਪੋਚੀ ਕਰਕੇ ਸਕੂਲ ਆਫ ਐਮੀਂਨੈਂਸ ਬਣਾਏ ਗਏ। ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਬਣੇ ਇਨ੍ਹਾਂ ਸਕੂਲਾਂ ਵਿੱਚ ਸਰਕਾਰ ਹੁਣ ਤੱਕ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾ ਸਕੀ। ਜੀ ਟੀ ਯੂ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਸਤਵੰਤ ਸਿੰਘ ਆਲਮਪੁਰ, ਸਰਬਜੀਤ ਸਿੰਘ ਪੁੰਨਾਵਾਲ, ਕਰਨੈਲ ਸਿੰਘ ਮੂਨਕ ਅਤੇ ਫਕੀਰ ਸਿੰਘ ਟਿੱਬਾ ਨੇ ਦੋਸ਼ ਲਾਇਆ ਕਿ ਇਨ੍ਹਾਂ ਸਕੂਲਾਂ ਵਿੱਚ ਸੈਂਕੜੇ ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਪਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਕੂਲ ਆਫ ਐਮੀਨੈਂਸ ਵਿੱਚ ਆਮ ਸਕੂਲਾਂ ਵਿੱਚੋਂ ਵਿਦਿਆਰਥੀਆਂ ਦੀ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਸੌ ਫ਼ੀਸਦ ਰਜਿਸਟ੍ਰੇਸ਼ਨ ਕਰਨ ਲਈ ਦਬਾਅ ਬਣਾ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਸਕੂਲ ਆਫ ਐਮੀਂਨੈਂਸ ਰਾਹੀਂ ਪੰਜਾਬ ਦੇ ਆਮ ਸਕੂਲਾਂ ਦਾ ਭੋਗ ਪਾਉਣਾ ਚਾਹੁੰਦੀ ਹੈ ਤਾਂ ਜੋ ਸਿੱਖਿਆ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਹਰ ਸਮੇਂ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਵਿੱਚ ਲਗਾ ਕੇ ਰੱਖਦੀ ਹੈ। ਜਨਵਰੀ ਤੋਂ ਮਾਰਚ ਦੇ ਮਹੀਨੇ ਵਿਦਿਆਰਥੀਆਂ ਲਈ ਬਹੁਤ ਅਹਿਮ ਹੁੰਦੇ ਹਨ।

