ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖੇੜੀ ਰਿਲਾਇੰਸ ਪੰਪ ਤੇ ਲੱਡਾ ਟੌਲ ਪਲਾਜ਼ਾ ਅੱਗੇ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨਾਂ ਤੇ ਕਿਸਾਨ ਬੀਬੀਆਂ ਦੀ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਗੂੰਜ਼ ਰਹੀ ਹੈ। ਪਿੰਡ-ਪਿੰਡ ਤੋਂ ਟਰੈਕਟਰ ਟਰਾਲੀਆਂ ’ਤੇ ਸਵਾਰ ਹੋ ਕੇ ਕਿਸਾਨ ਬੀਬੀਆਂ, ਨੌਜਵਾਨ ਤੇ ਬੱਚੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਰੋਸ ਧਰਨਿਆਂ ’ਚ ਸ਼ਾਮਲ ਹੋ ਰਹੇ ਹਨ। ਧਰਨਿਆਂ ਦੌਰਾਨ ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਤੋਂ ਇਲਾਵਾ ਤਿੱਖੇ ਸ਼ਬਦੀ ਬਾਣ ਕੈਪਟਨ ਸਰਕਾਰ ਵੱਲ ਵੀ ਛੱਡੇ ਜਾ ਰਹੇ ਹਨ। ਧਰਨੇ ’ਚ ਪੰਜਾਬ ਯੂਨਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਆਗੂ ਕਨੂੰਪ੍ਰਿਆ ਨੇ ਵੀ ਸ਼ਮੂਲੀਅਤ ਕਰਦਿਆਂ ਨੌਜਵਾਨਾਂ, ਵਿਦਿਆਰਥੀਆਂ ਤੇ ਲੜਕੀਆਂ ਨੂੰ ਵਧ ਚੜ੍ਹ ਕੇ ਕਿਸਾਨ ਅੰਦੋਲਨ ’ਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ। ਦੋਵੇਂ ਧਰਨਿਆਂ ਦੌਰਾਨ ਕਿਸਾਨ ਬੀਬੀਆਂ ਦੇ ਸਿਰਾਂ ’ਤੇ ਬਸੰਤੀ ਰੰਗ ਦੀਆਂ ਚੁੰਨੀਆਂ ਤੇ ਮੋਦੀ ਸਰਕਾਰ ਖ਼ਿਲਾਫ਼ ਉਠ ਰਹੀ ਗਰਜਵੀਂ ਅਵਾਜ਼ ਭਖ ਚੁੱਕੇ ਕਿਸਾਨ ਅੰਦੋਲਨ ਦਾ ਪ੍ਰਤੱਖ ਸਬੂਤ ਹੈ। ਰੋਸ ਧਰਨਿਆਂ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਦੋਸ਼ ਲਾਇਆ ਕਿ ਕਿਸਾਨ ਹਿਤੈਸ਼ੀ ਹੋਣ ਦਾ ਝੂਠਾ ਦਾਅਵਾ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਖੇਡ ਰਹੇ ਹਨ ਤੇ ਇਨ੍ਹਾਂ ਘਰਾਣਿਆਂ ਨੂੰ ਖੁਸ਼ ਕਰਨ ਲਈ ਮੋਦੀ ਸਰਕਾਰ ਨੇ ਦੇਸ਼ ਦੀ ਕਿਸਾਨੀ ਦਾਅ ’ਤੇ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਆਪਣੀ ਖੂਨ ਪਸੀਨੇ ਦੀ ਕਮਾਈ ਕਰਕੇ ਦੇਸ਼ ਦੇ ਅਨਾਜ ਭੰਡਾਰ ’ਚ ਵਡਮੁੱਲਾ ਯੋਗਦਾਨ ਪਾਇਆ ਹੈ ਪਰ ਮੋਦੀ ਸਰਕਾਰ ਦੀਆਂ ਨੀਤੀਆਂ ਨੇ ਕਿਸਾਨ ਦੀ ਮਿਹਨਤ ਨੂੰ ਨਜ਼ਰਅੰਦਾਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਕੋਲੇ ਤੇ ਖਾਦ ਦੀ ਘਾਟ ਦੀ ਆੜ ’ਚ ਕਿਸਾਨ ਅੰਦੋਲਨ ਨੂੰ ਲੀਹ ’ਤੇ ਲਾਉਣਾ ਚਾਹੁੰਦੀ ਹੈ ਪਰ ਕਿਸਾਨ ਅੰਦੋਲਨ ਨੂੰ ਕਿਸੇ ਵੀ ਹਾਲਤ ’ਚ ਮੱਠਾ ਨਹੀਂ ਪੈਣ ਦਿੱਤਾ ਜਾਵੇਗਾ।