ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ ‘ਏਕਤਾ -ਉਗਰਾਹਾਂ) ਦੀ ਅਗਵਾਈ ਹੇਠ ਸੰਗਰੂਰ ’ਚ ਮੁਜ਼ਾਹਰਾ; ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੁੱਦਾ ਵੀ ਗੂੰਜਿਅਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਅਤੇ ਬਿਨਾਂ ਕੇਸ ਚਲਾਏ ਜੇਲ੍ਹੀਂ ਡੱਕੇ ਜਮਹੂਰੀ ਕਾਰਕੁਨਾਂ ਦੀ ਰਿਹਾਈ ਲਈ ਡੀ ਸੀ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਧਰਨੇ ਵਿੱਚ ਵੱਡੀ ਤਾਦਾਦ ਵਿੱਚ ਕਿਸਾਨ ਬੀਬੀਆਂ ਨੇ ਵੀ ਸ਼ਮੂਲੀਅਤ ਕਰਕੇ ਜਮਹੂਰੀ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਰੋਸ ਧਰਨੇ ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੁੱਦੇ ਦੀ ਵੀ ਗੂੰਜ ਪਈ।
ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਕਿ ਖਾਲਿਸਤਾਨੀ ਕੈਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ’ਤੇ ਦਰਜ ਝੂਠੇ ਕੇਸ ਰੱਦ ਕੀਤੇ ਜਾਣ, ਬਿਨਾਂ ਕੇਸ ਚਲਾਏ ਸਾਲਾਂ ਤੋਂ ਜੇਲ੍ਹੀਂ ਡੱਕੇ ਜਨਤਕ ਕਾਰਕੁਨਾਂ ਅਤੇ ਸਿਆਸੀ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਯੂ ਏ ਪੀ ਏ, ਐੱਨ ਐੱਸ ਏ, ਅਫਸਪਾ ਤੇ ਦੇਸ਼ ਧ੍ਰੋਹ ਵਰਗੇ ਸਾਰੇ ਕਾਲੇ ਕਾਨੂੰਨ ਰੱਦ ਕਰਕੇ ਲੋਕਾਂ ਦੇ ਜਮਹੂਰੀ ਹੱਕ ਕੁਚਲਣ ਦਾ ਜਾਬਰ ਸਿਲਸਿਲਾ ਬੰਦ ਕੀਤਾ ਜਾਵੇ। ਸ੍ਰੀ ਉਗਰਾਹਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ’ਤੇ ਆਪਣਾ ਕੰਟਰੋਲ ਸਥਾਪਤ ਕਰਨ ਲਈ ਸੰਸਥਾ ਦੇ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਨੋਟੀਫਿਕੇਸ਼ਨ ਨੂੰ ਵਿਸ਼ਾਲ ਵਿਰੋਧ ਮਗਰੋਂ ਬੇਸ਼ੱਕ ਵਾਪਸ ਲੈ ਲਿਆ ਹੈ ਪ੍ਰੰਤੂ ਸੈਨੇਟ ਦੀਆਂ ਚੋਣਾਂ ਕਰਵਾਉਣ ਤੋਂ ਅਜੇ ਵੀ ਘੇਸਲ ਵੱਟੀ ਹੋਈ ਹੈ। ਉਨ੍ਹਾਂ ਸਮੂਹ ਪ੍ਰਦਰਸ਼ਨਕਾਰੀਆਂ ਤੋਂ ਹੱਥ ਖੜ੍ਹੇ ਕਰਵਾ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਯੂਨੀਵਰਸਟੀ ਦੀ ਸੈਨੇਟ ਖਤਮ ਕਰਨ ਦੇ ਮਨਸੂਬੇ ਤਿਆਗ ਕੇ ਇਸ ਦੀਆਂ ਚੋਣਾਂ ਦਾ ਤੁਰੰਤ ਐਲਾਨ ਕਰੋ ਅਤੇ ਵਿਦਿਆਰਥੀਆਂ ਦੀਆਂ ਭਖਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਪਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਦੇਸ਼ ਭਰ ਅੰਦਰ ਕਈ ਕਈ ਸਾਲਾਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਬਹੁਤ ਵੱਡੀ ਗਿਣਤੀ ਹੈ। ਸਭ ਤੋਂ ਵੱਡੀ ਗਿਣਤੀ ਮੁਸਲਿਮ ਭਾਈਚਾਰੇ ਅਤੇ ਆਦਿਵਾਸੀ ਲੋਕਾਂ ਦੀ ਹੈ। ਇਹ ਸਿਲਸਿਲਾ ਲੋਕਾਂ ਦੇ ਮਨੁੱਖੀ ਤੇ ਕਾਨੂੰਨੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਅੰਦਰ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਜਬਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਝੂਠੇ ਬਣਾਏ ਗਏ ਸੰਗੀਨ ਕੇਸਾਂ ਤਹਿਤ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂ ਜੋਬਨਪ੍ਰੀਤ ਸਿੰਘ ਅਤੇ ਪੀ ਐੱਸ ਯੂ ਲਲਕਾਰ ਦੇ ਆਗੂ ਗੁਰਵਿੰਦਰ ਸਿੰਘ , ਪੀ ਐੱਸ ਯੂ (ਸ਼ਹੀਦ ਰੰਧਾਵਾ) ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨਾਂ ’ਚ ਚਮਕੌਰ ਸਿੰਘ ਨੈਣੇਵਾਲ ਬਰਨਾਲਾ, ਰਾਮ ਸਿੰਘ ਭੈਣੀਬਾਘਾ ਮਾਨਸਾ, ਜਸਵਿੰਦਰ ਸਿੰਘ ਬਰਾਸ ਪਟਿਆਲਾ, ਕੁਲਵਿੰਦਰ ਸਿੰਘ ਭੂਦਨ ਮਲੇਰਕੋਟਲਾ, ਸੁਦਾਗਰ ਸਿੰਘ ਘੁਡਾਣੀ ਕਲਾਂ, ਦਲਵਾਰਾ ਸਿੰਘ ਛਾਜਲਾ, ਜਸਵੀਰ ਕੌਰ ਉਗਰਾਹਾਂ ਅਤੇ ਕਮਲਜੀਤ ਕੌਰ ਬਰਨਾਲਾ ਆਦਿ ਨੇ ਵੀ ਸੰਬੋਧਨ ਕੀਤਾ।

