ਵਪਾਰੀਆਂ ਤੋਂ ਬਿਨਾਂ ਸੂਬੇ ਦੀ ਤਰੱਕੀ ਅਸੰਭਵ: ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ਪੰਜਾਬ) ਵੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਸਤੀ ਮਾਤਾ ਮੰਦਿਰ ਧਰਮਸ਼ਾਲਾ ਵਿਖੇ ਪਾਰਟੀ ਦੇ ਉਦੇਸ਼ ਅਤੇ ਉਜਵੱਲ ਭਵਿੱਖ ਲਈ ਵਪਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ ਜਿਸ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਈ ਵੀ ਦੇਸ਼ ਅਤੇ ਸੂਬਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਪਾਰੀਆਂ ਦੇ ਸਹਿਯੋਗ ਬਿਨਾਂ ਤਰੱਕੀ ਨਹੀਂ ਕਰ ਸਕਦਾ। ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਹਰ ਵਰਗ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਪ੍ਰੇਸ਼ਾਨ ਹਨ। ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸੱਤਾਧਾਰੀ ਧਿਰ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਆਨਲਾਈਨ ਵਪਾਰ ਦੇ ਬੰਧਨ ਨਾਲ ਛੋਟਾ ਵਪਾਰੀ ਤੇ ਮਜ਼ਦੂਰ ਵਿਹਲਾ ਹੋ ਗਿਆ ਹੈ। ਸਰਕਾਰ ਵੀ ਕੋਈ ਮਦਦ ਨਹੀਂ ਕਰ ਰਹੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਅਗਾਮੀ ਚੋਣਾਂ ਦੌਰਾਨ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਉਕਤ ਸਮੱਸਿਆਵਾਂ ਨੂੰ ਹੱਲ ਕਰਨਗੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਪਿਛਲੇ ਇਕ ਸਾਲ ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਟਾਵਰ ਮੋਰਚੇ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨਾਲ ਗੱਲਬਾਤ ਕੀਤੀ ਤੇ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ, ਅਕਾਲੀ ਦਲ ਵਰਕਿੰਗ ਕਮੇਟੀ ਕਮੇਟੀ ਮੈਂਬਰ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ ਰੱਖੜਾ, ਸ਼ਹਿਰੀ ਪ੍ਰਧਾਨ ਮਨਜਿੰਦਰ ਸਿੰਘ ਰਾਣਾ ਸੇਖੋਂ, ਸਾਬਕਾ ਚੇਅਰਮੈਨ ਅਸ਼ੋਕ ਮੌਦਗਿਲ, ਰਣਧੀਰ ਸਿੰਘ ਰੱਖੜਾ ਮੌਜੂਦ ਸਨ।