ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਅਗਸਤ
ਪੀਐੱਸਈਬੀ ਵੱਲੋਂ ਪੰਜਵੀਂ ਜਮਾਤ ਦਾ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਸੌ ਰੁਪਏ ਫ਼ੀਸ ਰੱਖਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਫਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਇਹ ਸਰਟੀਫ਼ਿਕੇਟ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਕਾਨੂੰਨ- 2009 ਅਧੀਨ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਤੋਂ ਕਿਸੇ ਵੀ ਕਿਸਮ ਦੀ ਫ਼ੀਸ ਨਾ ਲਈ ਜਾਵੇ। ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਟੀਫਿਕੇਟ ਦੀ ਫ਼ੀਸ ਲੈਣ ਦਾ ਇਹ ਫ਼ੈਸਲਾ ਵਾਪਸ ਲਿਆ ਜਾਵੇ।