Punjab news: ਮੰਡੀਆਂ ’ਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ: ਬਰਸਟ
ਚੇਅਰਮੈਨ ਨੇ ਸਮਾਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਥਾਨਕ ਅਨਾਜ ਮੰਡੀ, ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਭਰ ਵਿਚ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਗਏੇੇੇੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਚੇੇਅਰਮੈਨ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਚੇਅਰਮੈਨ ਨੇ ਦੱਸਿਆ ਕਿ ਝੋਨੇ ਦੀ ਸੁਚਾਰੂ ਖ਼ਰੀਦ ਲਈ ਸੂਬੇ ਵਿੱਚ 1886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਫ਼ਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜ ਅਨੁਸਾਰ ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂਹ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮ, ਛਾਂ ਅਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਵਿਧਾਇਕਾ ਨੇ ਭਵਾਨੀਗੜ੍ਹ ਮੰਡੀ ’ਚ ਖ਼ਰੀਦ ਸ਼ੁਰੂ ਕਰਵਾਈ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇਥੇ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਨੂੰ ਧਿਆਨ ਵਿੱਚ ਰੱਖਦਿਆਂ ਅਨਾਜ ਮੰਡੀਆਂ ਵਿੱਚ ਬਾਰਦਾਨਾ, ਸਫਾਈ, ਢੋਆ ਢੁਆਈ ਅਤੇ ਪੈਸੇ ਦੀ ਅਦਾਇਗੀ ਸਮੇਤ ਮੁਕੰਮਲ ਖਰੀਦ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਖ਼ਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਵੱਖ ਵੱਖ ਮਹਿਕਮਿਆਂ ਦੇ ਖਰੀਦ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਸਾਰੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਕੁਮਾਰ ਮਿੱਤਲ, ਨਗਰ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ ਆਦਿ ਹਾਜ਼ਰ ਸਨ।

