ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਨਵੰਬਰ
ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਨਾਲ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਦੀ ਗੂੰਜ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਇੱਕ ਸਾਲ ਤੋਂ ਚੱਲ ਰਹੇ ਪੱਕੇ ਰੋਸ ਧਰਨਿਆਂ ’ਚ ਸੁਣਾਈ ਦੇ ਰਹੀ ਹੈ। ਅੱਜ ਰਿਲਾਇੰਸ ਪੰਪ ਖੇੜੀ ਵਿਖੇ ਭਾਕਿਯੂ ਏਕਤਾ ਉਗਰਾਹਾਂ ਦੇ ਧਰਨਿਆਂ ’ਚ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸਿਜਦਾ ਕੀਤਾ ਗਿਆ ਅਤੇ ਕਿਸਾਨ ਅੰਦੋਲਨ ਦੇ ਸ਼ਹੀਦ ਅਮਰ ਰਹਿਣ ਦੇ ਨਾਅਰੇ ਲਗਾਏ ਗਏ। ਇਸ ਮੌਕੇ ਯੂਨੀਅਨ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਬਡਰੁੱਖਾਂ, ਗੁਰਦੀਪ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾਂ, ਲਾਭ ਸਿੰਘ ਖੁਰਾਣਾ ਆਦਿ ਨੇ ਸੰਬੋਧਨ ਕੀਤਾ। ਉਧਰ ਰੇਲਵੇ ਸਟੇਸ਼ਨ ’ਤੇ ਰੋਸ ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਅਤੇ ਕਿਸਾਨ ਅੰਦੋਲਨ ਦੇ ਦਬਾਅ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਤਮਾ ਨੂੰ ਹਲੂਣਾ ਦਿੱਤਾ ਹੈ ਜਿਸ ਕਰਕੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹੋਇਆ ਹੈ।