ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦਾ ਵਿਰੋਧ
ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਅਤੇ ਪੁਰਾਣੇ ਕੇਸਾਂ ’ਚ ਗ੍ਰਿਫ਼ਤਾਰੀਆਂ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਭਲਕੇ 6 ਅਕਤੂਬਰ ਨੂੰ ਜ਼ਿਲ੍ਹਾ ਭਰ ਦੇ ਵੱਖ-ਵੱਖ ਬਲਾਕਾਂ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ਇਹ ਐਲਾਨ ਯੂਨੀਅਨ ਦੀ ਪਿੰਡ ਕਿਲਾਭਰੀਆਂ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਬਲਾਕ ਪ੍ਰਧਾਨ ਮਹਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਤੋਂ ਇਲਾਵਾ ਬਲਾਕ ਆਗੂਆਂ ਅਤੇ ਪਿੰਡ ਇਕਾਈਆਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 200/-ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਬਜਾਏ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਉਪਰ ਪੁਲੀਸ ਕੇਸ ਦਰਜ ਕਰਨ, ਮੋਟੇ ਜੁਰਮਾਨੇ ਕਰਨ ਅਤੇ ਗ੍ਰਿਫ਼ਤਾਰੀਆਂ ਕਰਨ ਦੇ ਰਾਹ ਪੈ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਪੁਰਾਣੇ ਕੇਸਾਂ ਵਿਚ ਕਿਸਾਨਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਰਹੀ ਹੈ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੇਸਾਂ ਦਾ ਡਰ ਵਿਖਾ ਕੇ ਦਹਿਸ਼ਤ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡਰਾਉਣ ਧਮਕਾਉਣ, ਪੁਲੀਸ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਅਤੇ ਘਰਾਂ ਵਿਚ ਦਾਖਲ ਹੋ ਕੇ ਧਮਕਾਉਣ ਦੀ ਕਾਰਵਾਈ ਨੂੰ ਯੂਨੀਅਨ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਹੋਈ ਵੱਡੀ ਤਬਾਹੀ ਦੇ ਨੁਕਸਾਨ ਦੇ ਮੁਆਵਜ਼ੇ ਦੀ ਗੱਲ ਸਿਰਫ਼ ਕਾਗਜ਼ੀ ਐਲਾਨਾਂ ਵਿਚ ਕਰ ਰਹੀ ਹੈ ਅਤੇ ਮੁੱਖ ਮੰਤਰੀ ਦੇ ਬਿਆਨ ਸਿਰਫ਼ ਫੋਕੀ ਬਿਆਨਬਾਜ਼ੀ ਤੱਕ ਸੀਮਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਹੜ੍ਹਾਂ ਦਾ ਮੁਆਵਜ਼ਾ ਦੇਣ ਦੀ ਬਜਾਏ ਇੱਕ ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਕਰਕੇ ਸੌੜੀ ਸਿਆਸਤ ਕਰ ਰਹੀਆਂ ਹਨ ਅਤੇ ਅਜਿਹੇ ਵਰਤਾਰੇ ਨੂੰ ਕਿਸਾਨ ਭਲੀ ਭਾਂਤ ਸਮਝਦੇ ਹਨ।