ਪੱਤਰ ਪ੍ਰੇਰਕ
ਭਵਾਨੀਗੜ੍ਹ, 13 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਅੱਜ ਟੌਲ ਪਲਾਜ਼ਾ ਕਾਲਾਝਾੜ ਵਿੱਚ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਤੇ ਗੁਰਚੇਤ ਸਿੰਘ ਭੱਟੀਵਾਲ ਨੇ ਦੱਸਿਆ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਦੌਰਾਨ ਕੀਤੇ ਜਾ ਰਹੇ ਜਬਰ ਦਾ ਮੂੰਹ ਤੋੜ ਜਵਾਬ ਦੇਣ ਲਈ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਸ ਦੇ ਮੰਤਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿੱਚ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਕੱਢਿਆ ਜਾਵੇ।
ਦਸਹਿਰੇ ’ਤੇ ਮੋਦੀ ਤੇ ਸ਼ਾਹ ਦੇ ਪੁਤਲੇ ਫੂਕਣ ਦਾ ਐਲਾਨ
ਧੂਰੀ (ਖੇਤਰੀ ਪ੍ਰਤੀਨਿਧ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਕੋਲ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਹਰਪਾਲ ਸਿੰਘ ਪੇਧਨੀ ਕਲਾ ਦੀ ਅਗਵਾਈ ਹੇਠ 375ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਆਗੂਆਂ ਨੇ ਕਿਹਾ ਜੇ ਮੋਦੀ ਸਰਕਾਰ ਵੱਲੋਂ ਲਖਮੀਪੁਰ ਖੀਰੀ ਘਟਨਾ ਵਿੱਚ ਕੋਈ ਪੱਖਪਾਤ ਕੀਤਾ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਦਸਹਿਰੇ ਵਾਲੇ ਦਿਨ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਫੂਕਣ ਦੇ ਨਾਲ ਨਾਲ 18 ਅਕਤੂਬਰ ਨੂੰ ਸਵੇਰੇ 10 ਤੋਂ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ’ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਆਪਸੀ ਫੁੱਟ ਪੈ ਚੁੱਕੀ ਹੈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁੱਖਜੀਤ ਸਿੰਘ ਲੱਡਾ, ਰਾਮ ਸਿੰਘ, ਗੁਰਮੀਤ ਕੌਰ ਬੇਨੜਾ, ਹਰਬੰਸ ਸਿੰਘ ਸੋਢੀ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ ਆਦਿ ਹਾਜ਼ਰ ਸਨ।