ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ: ਲਗਾਤਾਰ ਤੀਜੇ ਦਿਨ ਫੂਕੀਆਂ ਸਰਕਾਰ ਦੀਆਂ ਅਰਥੀਆਂ
ਮਜ਼ਦੂਰ ਆਗੂਆਂ ਨੇ ਸਰਕਾਰ ’ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੁਲੀਸ ਵੱਲੋਂ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਤੀਜੇ ਦਿਨ ਵੀ ਵੱਖ-ਵੱਖ ਪਿੰਡਾਂ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ।
ਬਲਾਕ ਭਵਾਨੀਗੜ੍ਹ ਦੇ ਪਿੰਡ ਬੱਟੜਿਆਣਾ, ਸੰਗਤਪੁਰਾ ਅਤੇ ਭੜੋ ਵਿਖੇ ਕੀਤੀਆਂ ਗਈਆਂ ਰੋਸ ਰੈਲੀਆਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਬੱਟੜਿਆਣਾ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਮਨਰੇਗਾ ਕਾਮਿਆਂ ਦੇ ਹੱਕ ਵਿੱਚ ਹੋਣ ਦਾ ਦਾਅਵਾ ਕਰਦੀ ਹੈ, ਪਰ ਦੂਜੇ ਪਾਸੇ ਹੱਕ ਮੰਗਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ।
ਮਜ਼ਦੂਰ ਆਗੂਆਂ ਨੇ ਸਰਕਾਰ ਦੀ ਕਾਰਵਾਈ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜਿਸ ਦਿਨ ਵਿਧਾਨ ਸਭਾ ਵਿੱਚ ਕੇਂਦਰ ਖ਼ਿਲਾਫ਼ ਮਤਾ ਪਾਇਆ ਜਾ ਰਿਹਾ ਸੀ, ਉਸੇ ਦਿਨ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨਾ ਸਰਕਾਰ ਦੇ ਦੋਹਰੇ ਚਿਹਰੇ ਨੂੰ ਨੰਗਾ ਕਰਦਾ ਹੈ।
ਰਾਮ ਕਰਨ, ਹਰਦੇਵ ਸਿੰਘ ਅਤੇ ਗੁਰਵਿੰਦਰ ਸਿੰਘ ਭੜੋ ਸਣੇ ਹੋਰ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੁਕੇਸ਼ ਮਲੌਦ ਨੂੰ ਬਿਨਾਂ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

