ਪੱਤਰ ਪ੍ਰੇਰਕ
ਲਹਿਰਾਗਾਗਾ, 26 ਅਕਤੂੁਬਰ
ਇਥੇ ਅੱਜ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਪਾਵਰਕੌਮ ਮੰਡਲ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਪਾਵਰਕੌਮ ਦੀ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਆਗੂ ਦਵਿੰਦਰ ਸਿੰਘ ਪਸੋਰ, ਮਹਿੰਦਰ ਸਿੰਘ, ਰਾਮ ਚੰਦਰ ਸਿੰਘ ਖਾਈ ਤੇ ਸੁਰਿੰਦਰ ਮੋਹਨ ਨੇ ਰੈਲੀ ਵਿੱਚ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪਾਵਰਕੌਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਮੰਗਾਂ ਮੰਨ ਕੇ ਲਾਗੂ ਕਰਨ ਤੋਂ ਇਨਕਾਰ ਕਰ ਰੱਖਿਆ ਹੈ। ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਆਗੂਆਂ ਨੇ ਕਿਹਾ ਕਿ ਮੰਨੀਆਂ ਹੋਈਆਂ ਮੰਗਾਂ ਨੂੰ ਮਨਾਉਣ ਲਈ ਸਮੁੱਚੇ ਪੰਜਾਬ ਦੇ ਵਰਕਰ 31 ਅਕਤੂਬਰ ਤੱਕ ਡਿਵੀਜ਼ਨ ਪੱਧਰ ’ਤੇ ਰੋਸ ਮੁਜ਼ਾਹਰੇ ਕਰਨਗੇ।
ਦੇਵੀਗੜ੍ਹ (ਪੱਤਰ ਪ੍ਰੇਰਕ): ਪਾਵਰਕੌਮ ਮੈਨੇਜਮੈਂਟ ਦੇ ਅੜੀਅਲ ਰਵੱਈਏ ਖ਼ਿਲਾਫ਼ ਐਂਪਲਾਈਜ਼ ਫੈਡਰੇਸ਼ਨ ਯੂਨੀਅਨ ਨਾਲ ਸਬੰਧਤ ਬਿਜਲੀ ਕਾਮੇ 27 ਅਤੇ 28 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣਗੇ ਕਿਉਂਕਿ ਮੈਨੇਜਮੈਂਟ 1-01-2011 ਤੋਂ ਵਾਰ ਵਾਰ ਵਾਅਦੇ ਕਰਨ ਦੇ ਬਾਵਜੂਦ ਪੇਅ ਬੈਂਡ ਨਹੀਂ ਦੇ ਰਹੀ। ਇਸ ਕਾਰਨ ਸਾਰੇ ਬਿਜਲੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।