ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਜੁਲਾਈ
ਪੰਜਾਬ ਰੋਡਵੇਜ਼, ਪਨਬੱਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਸਥਾਨਕ ਪੀਆਰਟੀਸੀ ਡਿਪੂ ਦੇ ਗੇਟ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਵਲੋਂ ਐਲਾਨ ਕੀਤਾ ਕਿ ਜੇਕਰ ਭਲਕੇ 8 ਜੁਲਾਈ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 9, 10 ਅਤੇ 11 ਜੁਲਾਈ ਨੂੰ ਮੁਕੰਮਲ ਤੌਰ ’ਤੇ ਪਨਬੱਸ ਅਤੇ ਪੀਆਰਟੀਸੀ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਇਹ ਹੜਤਾਲ ਅਣਮਿੱਥੇ ਸਮੇਂ ਲਈ ਵੀ ਕੀਤੀ ਜਾ ਸਕਦੀ ਹੈ।
ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਗਿੱਲ ਦੀਦਾਰਗੜ੍ਹ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤਿੰਨ ਸਾਲਾਂ ਤੋਂ ਨਜ਼ਰ ਅੰਦਾਜ਼ ਕਰਦੀ ਆ ਰਹੀ ਹੈ। ਹਰ ਵਾਰ ਮੀਟਿੰਗ ਵਿੱਚ ਸਿਰਫ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਫਰਵਰੀ 2024 ਵਿਚ ਟਰਾਂਸਪੋਰਟ ਮੰਤਰੀ ਵਲੋਂ ਮੰਗਾਂ ਦੇ ਹੱਲ ਲਈ ਕਮੇਟੀ ਗਠਿਤ ਕੀਤੀ ਗਈ ਸੀ ਅਤੇ 2 ਮਹੀਨੇ ਦੇ ਅੰਦਰ ਅੰਦਰ ਮੰਗਾਂ ਦੇ ਹੱਲ ਦਾ ਲਿਖਤੀ ਭਰੋਸਾ ਦਿੱਤਾ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਿੱਤ ਦੇ ਲਾਰਿਆਂ ਨੂੰ ਵੇਖਦੇ ਹੋਏ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਮੁੱਖ ਮੰਤਰੀ ਪੰਜਾਬ ਨਾਲ 1 ਜੁਲਾਈ 2024 ਨੂੰ ਮੀਟਿੰਗ ਹੁੰਦੀ ਹੈ ਤਾਂ ਮੁੱਖ ਮੰਤਰੀ ਪੰਜਾਬ ਵੱਲੋਂ ਫਿਰ ਲਿਖਤੀ ਕਮੇਟੀ ਗਠਿਤ ਕਰਕੇ ਇੱਕ ਮਹੀਨੇ ਵਿੱਚ ਮੰਗਾਂ ਦਾ ਹੱਲ ਕਰਨ ਦੇ ਲਈ ਕਿਹਾ ਜਾਂਦਾ ਹੈ ਪਰ ਅੱਜ 1 ਸਾਲ ਬੀਤਣ ਦੇ ਬਾਵਜੂਦ ਮੰਗਾਂ ਦਾ ਪਰਨਾਲਾ ਉਥੇ ਦਾ ਉਥੇ ਹੈ।
ਵਾਈਸ ਸੂਬਾ ਆਗੂ ਕਰਮਜੀਤ ਸਿੰਘ ਕਰਮਾ, ਡਿਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਵਾਈਸ ਪ੍ਰਧਾਨ ਰਮਨਦੀਪ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਬਿੱਟੂ, ਮੀਤ ਪ੍ਰਧਾਨ ਪਰਮਿੰਦਰ ਸਿੰਘ ਜੱਸੜ, ਸਕੱਤਰ ਸੁਖਜਿੰਦਰ ਸਿੰਘ ਧਾਲੀਵਾਲ, ਖਜ਼ਾਨਚੀ ਸਤਵਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਤਾਂ 9, 10 ਅਤੇ 11 ਜੁਲਾਈ ਨੂੰ ਮੁਕੰਮਲ ਤੌਰ ’ਤੇ ਪਨਬੱਸ ਅਤੇ ਪੀਆਰਟੀਸੀ ਦਾ ਚੱਕਾ ਜਾਮ ਕੀਤਾ ਜਾਵੇਗਾ।