ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਨਵੰਬਰ
ਝੋਨੇ ਦੀ ਪਰਾਲੀ ਸਾੜਨ ਤੋਂ ਨਾ ਰੋਕਣ ਦੇ ਦੋਸ਼ ਤਹਿਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਨੂੰ ਨੌਕਰੀ ਤੋਂ ਮੁਅੱਤਲ ਕਰਨ ਖਿਲਾਫ਼ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਸਰਕਾਰ ਖ਼ਿਲਾਫ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹੇ ਦੇ ਸਮੁੱਚੇ ਸਟਾਫ਼ ਵੱਲੋਂ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਧਰਨਾਕਾਰੀਆਂ ਨੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੇ ਮੁਅੱਤਲੀ ਦੇ ਹੁਕਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਧਰਨਾਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ।
ਰੋਸ ਧਰਨੇ ਦੌਰਾਨ ਖੇਤੀਬਾੜੀ ਦਫਤਰ ਮਨਿਸਟੀਰੀਅਲ ਸਟਾਫ਼ ਦੇ ਪ੍ਰਧਾਨ ਹਰਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ, ਖੇਤੀਬਾੜੀ ਸਬ ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਗੁਰਿੰਦਰ ਸਿੰਘ ਸਹਾਇਕ ਇੰਜਨੀਅਰ, ਖੇਤੀਬਾੜੀ ਵਿਸਥਾਰ ਅਫ਼ਸਰ ਪ੍ਰਭਜੋਤ ਸਿੰਘ ਆਦਿ ਨੇ ਕਿਹਾ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਦਿਨ ਰਾਤ ਇੱਕ ਕਰਕੇ ਪੂਰੀ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ ਪਰੰਤੂ ਸਰਕਾਰ ਵੱਲੋਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੂੰ ਮੁਅੱਤਲ ਕਰਨ ਨਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮਨੋਬਲ ਡਿੱਗਿਆ ਹੈ ਅਤੇ ਸਟਾਫ਼ ’ਚ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੀ ਮੁਅੱਤਲੀ ਦੇ ਹੁਕਮ ਤੁਰੰਤ ਵਾਪਸ ਲਏ ਜਾਣ। ਇਸ ਮੌਕੇ ਹਰਦੀਪ ਸਿੰਘ ਟੀ.ਏ, ਗੁਰਵਿੰਦਰ ਸਿੰਘ ਏ.ਟੀ.ਐਮ ਪ੍ਰਧਾਨ ਆਤਮਾ ਸਟਾਫ਼, ਬਲਵੀਰ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪ੍ਰੀਤਇੰਦਰ ਸਿੰਘ ਗਰੇਵਾਲ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ।