ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੂਨ
ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਕਥਿਤ ਵਾਅਦਾ-ਖ਼ਿਲਾਫ਼ੀ ਵਿਰੁੱਧ 27 ਜੂਨ ਨੂੰ ਇਥੇ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਇਥੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਰੂਪਰੇਖਾ ਤਿਆਰ ਕਰਨ ਲਈ ਰੱਖੀ ਸੂਬਾਈ ਮੀਟਿੰਗ ਦੌਰਾਨ ਕੀਤਾ ਗਿਆ। ਸ੍ਰੀ ਮਲੂਕਾ ਨੇ ਕਿਹਾ ਕਿ ਸਰਕਾਰ ਦੁਆਰਾ ਕੰਪਿਊਟਰ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸਾਹੀ ਵਿਰੁੱਧ ਪੰਜਾਬ ਭਰ ਦੇ ਸੱਤ ਹਜ਼ਾਰ ਕੰਪਿਊਟਰ ਅਧਿਆਪਕ ਰੋਸ ਮਾਰਚ ਵਿਚ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨਗੇ।