ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਅਗਸਤ
ਕੁਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਭਰ ਦੇ ਸੈਂਕੜੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਖ਼ਿਲਾਫ਼ ਇੱਥੇ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਵਿਚ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੋਂ ਦੇਸ਼ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ। ਕਿਸੇ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ, ਆਮ ਵਰਤੋਂ ਦੀਆਂ ਚੀਜ਼ਾਂ ਵਿੱਚ ਹੋ ਰਹੀ ਮਹਿੰਗਾਈ ਨੇ ਹਰ ਵਰਗ ਦਾ ਲੱਕ ਤੋੜ ਦਿੱਤਾ ਹੈ। ਸਿੰਗਲਾ ਨੇ ਕਿਹਾ ਕਿ ਯੂਪੀਏ ਸਰਕਾਰ ਸਮੇਂ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਨ ਤਾਂ ਉਨ੍ਹਾਂ ਨੇ ਦੇਸ਼ ਦੀ ਅਰਥ-ਵਿਵਸਥਾ ਨੂੰ ਵਿਗੜਨ ਨਹੀਂ ਸੀ ਦਿੱਤਾ ਜਦੋਂਕਿ ਪੂਰੇ ਵਿਸ਼ਵ ਵਿੱਚ ਆਰਥਿਕ ਮੰਦੀ ਆਈ ਹੋਈ ਸੀ। ਦੂਜੇ ਪਾਸੇ, ਭਾਜਪਾ ਸਰਕਾਰ ਨੇ ਪਿਛਲੇ ਦਸ ਸਾਲਾਂ ਵਿੱਚ ਦੇਸ਼ ਨੂੰ ਅਜਿਹੀ ਸਥਿਤੀ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਜਿੱਥੋਂ ਨਿੱਕਲਣਾ ਔਖਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ’ਚ ਆਉਣ ਵਾਲੀਆਂ ਵਸਤਾਂ ਦੇ ਭਾਅ ਆਸਮਾਨ ਛੋਹ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਗਤਾਂ ਦੀ ਪਾਰਟੀ ਹੈ, ਉਹ ਹਰ ਮੁੱਦੇ ’ਤੇ ਸਰਕਾਰ ਦੇ ਵਿਰੁੱਧ ਆਪਣੀ ਆਵਾਜ਼ ਉਠਾਵੇਗੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਜ਼ੋਰਦਾਰ ਸੰਘਰਸ਼ ਅਰੰਭੇ ਜਾਣਗੇ।
ਰੋਸ ਧਰਨੇ ਨੂੰ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਪਰਮਿੰਦਰ ਸ਼ਰਮਾ, ਸੀਨੀਅਰ ਆਗੂ ਸੁਭਾਸ਼ ਗਰੋਵਰ, ਹੰਸ ਰਾਜ ਗੁਪਤਾ, ਬਲਵੀਰ ਕੌਰ ਸੈਣੀ, ਨਰੇਸ਼ ਸ਼ਮਾ, ਗੁਰਦੀਪ ਸਿੰਘ ਘਰਾਚੋਂ ਨੇ ਸੰਬੋਧਨ ਕੀਤਾ। ਇਲਾਕੇ ਦੇ ਪੰਚ-ਸਰਪੰਚ ਅਤੇ ਅਹੁਦੇਦਾਰ ਵੱਡੀ ਗਿਣਤੀ ’ਚ ਸ਼ਾਮਲ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਨੇ ਮਹਿੰਗਾਈ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਧਰਨੇ ਵਿੱਚ ਪਾਰਟੀ ਦੇ ਸਾਰੇ ਵਿੰਗਾਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਗੁਰਜੋਤ ਸਿੰਘ ਢੀਂਡਸਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਮਹਿੰਗਾਈ ’ਚ ਵਾਧਾ ਹੋ ਰਿਹਾ ਹੈ। ਕੇਂਦਰ ਸਰਕਾਰ ਦੇ ਨੋਟ ਬੰਦੀ ਦੇ ਫ਼ੈਸਲੇ ਨੇ ਲੋਕਾਂ ਦੇ ਕਾਰੋਬਾਰਾਂ ਨੂੰ ਪ੍ਰਭਾਵਿਤ ਕੀਤਾ ਤੇ ਦੇਸ਼ ਵਿੱਚ ਲੱਖਾਂ ਲੋਕ ਬੇਰੁਜ਼ਗਾਰ ਹੋਏ। ਕੇਂਦਰ ਸਰਕਾਰ ਵੱਲੋਂ ਖਾਣ ਵਾਲੇ ਪਦਾਰਥਾਂ ’ਤੇ ਜੀਐੱਸਟੀ ਲਾ ਕੇ ਮਹਿੰਗਾਈ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਪੈਟਰੋਲ, ਡੀਜ਼ਲ ਘਰੇਲੂ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗੀਆਂ ਹਨ। ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਅੰਦਰ ਗ਼ਰੀਬਾਂ ਤੇ ਅਮੀਰਾਂ ਵਿੱਚ ਲਗਾਤਾਰ ਪਾੜਾ ਵਧ ਰਿਹਾ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ। ਆਮ ਲੋਕ ਭਾਜਪਾ ਸਰਕਾਰ ਦੇ ਏਜੰਡੇ ’ਤੇ ਹੀ ਨਹੀਂ। ਧਰਨੇ ਨੂੰ ਪੀਏ ਦਰਬਾਰਾ ਸਿੰਘ, ਸਜਾਦ ਹੁਸੈਨ, ਫਾਰੂਕ ਅਨਸਾਰੀ, ਸਾਬਕਾ ਚੇਅਰਮੈਨ ਜਸਪਾਲ ਦਾਸ, ਸਾਬਕਾ ਚੇਅਰਮੈਨ ਕੁਲਵਿੰਦਰ ਸਿੰਘ ਝਨੇਰ, ਅਕਰਮ ਲਬਿੜਾ, ਅਨਵਰ ਮਹਬਿੂਬ, ਪੱਪਾ ਐਮਸੀ, ਸ਼ਬੀਰ ਐਮਸੀ, ਜਗਰੂਪ ਸਿੰਘ ਜਲਾਲਗੜ੍ਹ, ਮਾਸਟਰ ਮੇਲਾ ਸਿੰਘ ਨੇ ਵੀ ਸੰਬੋਧਨ ਕੀਤਾ।