ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 6 ਦਸੰਬਰ
ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਿੱਚ ਗੈਸਟ-ਫੈਕਲਟੀ, ਪਾਰਟ-ਟਾਈਮ ਅਤੇ ਕੰਟਰੈਕਟ ’ਤੇ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸਥਾਨਕ ਸਰਕਾਰੀ ਕਾਲਜ ਦੇ ਮੁੱਖ ਦਰਵਾਜ਼ੇ ਅੱਗੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੁਤਲੇ ਫੂਕੇ। ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੁਖਚੈਨ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ, ਦਿੱਲੀ ਦੇ ਗੈਸਟ ਫੈਕਲਟੀ ਅਧਿਆਪਕਾਂ ਦੀ ਸਾਰ ਲੈਣ ਲਈ ਦਿੱਲੀ ਪਹੁੰਚ ਕੇ ਰਾਜਨੀਤੀ ਕਰ ਰਹੇ ਹਨ ਜਦਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪਿਛਲੇ 35 ਦਿਨਾਂ ਤੋਂ ਧਰਨੇ ਦੇ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਸਮਰਥਨ ਦੇ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਕੈਪਟਨ ਦਰਸ਼ਨ ਸਿੰਘ ਹਥੋਆ ਨੇ ਕਿਹਾ ਕਿ ਸਰਕਾਰ ਨੂੰ ਗੈਸਟ ਫੈਕਲਟੀ ਪ੍ਰੋਫ਼ੈਸਰਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਗੈਸਟ ਫੈਕਲਟੀ ਯੂਨੀਅਨ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇ ਸਰਕਾਰ ਲਿਖਤੀ ਰੂਪ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰੋ. ਸੁਖਵੀਰ ਸਿੰਘ, ਮਨਪ੍ਰੀਤ ਸਿੰਘ ਚਾਹਲ, ਗੁਰਜੀਤ ਕੌਰ, ਜਸਪ੍ਰੀਤ ਕੌਰ, ਸੋਨੀਆ ਗੱਖੜ, ਪ੍ਰੋ. ਰਮਨਦੀਪ ਕੌਰ ਅਤੇ ਕਿਸਾਨ ਆਗੂ ਨੈਬ ਸਿੰਘ ਭੈਣੀ ਤੇ ਸੰਦੀਪ ਸਿੰਘ ਉਪੋਕੀ ਮੌਜੂਦ ਸਨ।