ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਕਤੂਬਰ
ਪਿਛਲੇ 18 ਦਿਨਾਂ ਤੋਂ ਦਫ਼ਤਰੀ ਕੰਮਕਾਜ ਠੱਪ ਕਰਕੇ ਕਲਮਛੋੜ ਹੜਤਾਲ ’ਤੇ ਚੱਲ ਰਹੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਖਤ ਲਹਿਜ਼ੇ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਗਈ।
ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ ਅਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਦੀ ਅਗਵਾਈ ਹੇਠ ਡੀਸੀ ਕੰਪਲੈਕਸ ਅੱਗੇ ਪੁੱਜੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਬਲਵਿੰਦਰ ਸੋਹੀ, ਮਾਲਵਿੰਦਰ ਹਰੀਗੜ੍ਹ, ਅਨੁਜ ਸ਼ਰਮਾ, ਅਸ਼ੀਸ਼ ਫੁੱਲ, ਪਰਮਜੀਤ ਕੌਰ, ਤਰਸੇਮ ਖੰਨਾ ਅਤੇ ਮਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕੀਤੀ। ਬੁਲਾਰਿਆਂ ਨੇ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਕੋਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖੇ ਸੰਘਰਸ਼ੀ ਫੈਸਲੇ ਲਏ ਜਾਣਗੇ ਅਤੇ ਕਾਂਗਰਸ ਸਰਕਾਰ ਨੂੰ ਚੋਣਾਂ ਦੌਰਾਨ ਮੁਲਾਜ਼ਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਪੈਨਸ਼ਨਰ ਆਗੂ ਜਗਦੀਸ਼ ਸ਼ਰਮਾ, ਸੁਰਿੰਦਰ ਕੁਮਾਰ ਬਾਲੀਆਂ, ਜੀਤ ਸਿੰਘ ਢੀਂਡਸਾ, ਦਰਸ਼ਨ ਸਿੰਘ ਨੌਰਥ, ਰਾਮ ਸਿੰਘ ਮਹਿਮੀ ਅਤੇ ਜਗਤਾਰ ਜਜੀਰਾ ਆਦਿ ਵੱਲੋਂ ਵੀ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਅੜੀਅਲ ਰਵੱਈਆ ਛੱਡ ਕੇ ਦਫ਼ਤਰੀ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ।