ਰਮੇਸ਼ ਭਾਰਦਵਾਜ
ਲਹਿਰਾਗਾਗਾ, 19 ਜਨਵਰੀ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਕਾਨੂੰਨਾਂ ਦਾ ਨਿਰੰਤਰ ਵਿਰੋਧ ਜਾਰੀ ਹੈ। ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿੱਚ ਪਿੰਡ ਗੰਢੂਆਂ ਕਣਕਵਾਲ ਚੰਗਾਲੀਵਾਲਾ ਬਲਰਾ ਢੀਂਡਸਾ ਆਦਿ ਪਿੰਡਾਂ ਵਿੱਚ ਡਬਲਿਯੂਟੀਓ ਅਤੇ ਆਈਐੱਮਐੱਫ ਦੇ ਪੁਤਲੇ ਸਾੜ ਕੇ ਸਾਮਰਾਜੀ ਸੰਸਥਾਵਾਂ ਦਾ ਪਿੱਟ ਸਿਆਪਾ ਕੀਤਾ ਗਿਆ ਇਸ ਮੌਕੇ ਆਗੂਆਂ ਨੇ ਦੱਸਿਆ ਕਿ ਆਉਣ ਵਾਲੀ 26 ਜਨਵਰੀ ਨੂੰ ਪਿੰਡਾਂ ਵਿੱਚ ਖੇਤ ਮਜ਼ਦੂਰਾਂ ਦੇ ਵੱਡੇ ਇਕੱਠ ਕਰਕੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤੇ ਜਾਣਗੇ।
ਮੰਤਰੀਆਂ ਦੀ ਕੋਠੀਆਂ ਅੱਗੇ ਧਰਨੇ 24 ਨੂੰ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 24 ਜਨਵਰੀ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਮੂਹਰੇ ਦਿੱਤੇ ਜਾ ਰਹੇ 15 ਰੋਜ਼ਾ ਦਿਨ ਰਾਤ ਦੇ ਧਰਨੇ ਦੀ ਤਿਆਰੀ ਨੂੰ ਲੈ ਕੇ ਪਿੰਡ ਹੁਸੈਨਪੁਰਾ ’ਚ ਮੀਟਿੰਗ ਕੀਤੀ ਗਈ।ਇਸ ਮੌਕੇ ਸੀਪੀਆਈ (ਐੱਮਐੱਲ)ਲਬਿਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਦੇਸ਼ ਅੰਦਰ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦਾ ਮਾਰੂ ਅਸਰ ਬੇਜ਼ਮੀਨੇ ਮਜ਼ਦੂਰਾਂ ’ਤੇ ਪਹਿਲਾਂ ਪੈਣਾ ਹੈ। ਇਸ ਕਰਕੇ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਕ ਪਲੇਟਫਾਰਮ ’ਤੇ ਇਕੱਠੇ ਹੋਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ।