ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਅਗਸਤ
ਗੌਰਮਿੰਟ ਡਰੱਗ ਡੀ-ਅਡਿਕਸ਼ਨ ਅਤੇ ਪੁਨਰਵਾਸ ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਇਥੇ ਸਿਵਲ ਹਸਪਤਾਲ ’ਚ ਸਥਿਤ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕੇਂਦਰ ਅੱਗੇ ਤਿੰਨ ਘੰਟੇ ਹੜਤਾਲ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਅਤੇ ਸਥਾਨਕ ਇਕਾਈ ਦੇ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਯੂਨੀਅਨ ਦੇ ਸੂਬਾਈ ਵਫ਼ਦ ਦੀ ਮੀਟਿੰਗ ਬੀਤੀ 7 ਜੁਲਾਈ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨਾਲ ਹੋਈ ਸੀ ਜਿਸ ਵਿਚ ਭਰੋਸਾ ਦਿੱਤਾ ਗਿਆ ਸੀ ਕਿ ਸਾਰੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਇਸ ਦਾ ਨੋਟੀਫਿਕੇਸ਼ਨ ਇੱਕ ਹਫ਼ਤੇ ਦੇ ਅੰਦਰ ਅੰਦਰ ਜਾਰੀ ਕਰ ਦਿੱਤਾ ਜਾਵੇਗਾ ਪਰੰਤੂ ਇੱਕ ਮਹੀਨਾ ਬੀਤਣ ਦੇ ਬਾਵਜੂਦ ਨਾ ਤਾਂ ਕੋਈ ਮੰਗ ਪੂਰੀ ਕੀਤੀ ਹੈ ਅਤੇ ਨਾ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਾਰਨ ਸਰਕਾਰੀ ਡਰੱਗ ਡੀ-ਅਡਿਕਸ਼ਨਾਂ, ਪੁਨਰਵਾਸ ਕੇਂਦਰਾਂ ਅਤੇ ਕਲੀਨਿਕਾਂ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ।
ਉਨ੍ਹਾਂ ਦੱਸਿਆ ਕਿ ਯੂਨੀਅਨ ਦੇ ਫੈਸਲੇ ਅਨੁਸਾਰ ਸੰਗਰੂਰ, ਮਲੇਰਕੋਟਲਾ ਅਤੇ ਘਾਬਦਾਂ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰਾਂ ਵਿਚ 13 ਅਗਸਤ ਤੱਕ ਸਵੇਰੇ 8 ਵਜੇ ਤੋਂ 11 ਵਜੇ ਤੱਕ ਕਾਲੇ ਬਿੱਲੇ ਲਗਾ ਕੇ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਹੜਤਾਲ ਦੌਰਾਨ ਨਾ ਹੀ ਆਨਲਾਈਨ ਕੋਈ ਕੰਮ ਹੋਵੇਗਾ ਅਤੇ ਨਾ ਹੀ ਓਟ ਕਲੀਨਿਕਾਂ ਦੇ ਮਰੀਜ਼ਾਂ ਨੂੰ ਦਵਾਈ ਦਿੱਤੀ ਜਾਵੇਗੀ। 14 ਅਗਸਤ ਨੂੰ ਪੂਰਾ ਦਿਨ ਹੜਤਾਲ ਰਹੇਗੀ। 15 ਅਗਸਤ ਅਜ਼ਾਦੀ ਦਾ ਦਿਨ ਗੁਲਾਮੀ ਦਿਵਸ ਦੇ ਤੌਰ ’ਤੇ ਮਨਾਇਆ ਜਾਵੇਗਾ। ਸਾਰੇ ਮੁਲਾਜ਼ਮ ਆਪਣੇ-ਆਪਣੇ ਸਟੇਸ਼ਨਾਂ ਦੇ ਬਾਹਰ ਕਾਲੇ ਝੰਡੇ ਅਤੇ ਕਾਲੇ ਬਿੱਲੇ ਲਗਾ ਕੇ ਬੈਠਣਗੇ। 16 ਅਗਸਤ, ਦਿਨ ਸੋਮਵਾਰ ਨੂੰ ਦਫਤਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਸ਼ਰਮਾ, ਜਸਕਰਨਜੀਤ ਸਿੰਘ, ਧਨਵੰਤ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ ਆਦਿ ਸ਼ਾਮਲ ਸਨ।