ਐੱਸਐੱਸਸੱਤੀ
ਮਸਤੂਆਣਾ ਸਹਬਿ, 14 ਸਤੰਬਰ
ਅਕਾਲ ਡਿਗਰੀ ਕਾਲਜ ਨਾਨ ਟੀਚਿੰਗ ਐਂਪਲਾਈਜ਼ ਯੂਨੀਅਨ ਵੱਲੋਂ ਇੱਥੇ ਅੱਜ ਸਤਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਯੂਨੀਅਨ ਦੇ ਸਕੱਤਰ ਗੁਰਚਰਨ ਸਿੰਘ ਭਿੰਡਰ, ਲਖਵਿੰਦਰ ਸਿੰਘ ਵੜੈਚ, ਸੁਖਪਾਲ ਸਿੰਘ ਪਾਲੀ, ਸਤਨਾਮ ਸਿੰਘ ਵੜੈਚ, ਭੂਰਾ ਸਿੰਘ ਬਡਰੁੱਖਾਂ, ਹਰਮੇਲ ਸਿੰਘ ਧਾਂਦਰਾ, ਮਨਜੀਤ ਸਿੰਘ ਸਿੱਧੂ, ਜਸਪਾਲ ਸਿੰਘ ਦੁੱਗਾਂ ਆਦਿ ਵੱਲੋਂ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕਰਦਿਆਂ ਕਿਹਾ ਕਿ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿਚ ਲੰਮੇ ਸਮੇਂ ਤੋਂ ਕੰਮ ਕਰਦੇ ਅਨਏਡਿਡ ਨਾਨ ਟੀਚਿੰਗ ਸਟਾਫ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਪੂਰੇ ਗਰੇਡ ਤੇ ਕਵਰਡ ਪੋਸਟਾਂ ਦੇ ਅਧੀਨ ਲਿਆਂਦਾ ਜਾਵੇ। ਸਰਕਾਰੀ ਮੁਲਾਜ਼ਮਾਂ ਦੀ ਤਰਜ਼ ’ਤੇ ਕਾਲਜਾਂ ਵਿਚ 6ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਾਈਵੇਟ ਕਾਲਜਾਂ ਵਿਚ ਕੰਮ ਕਰਦੇ ਨਾਨ ਟੀਚਿੰਗ ਐਂਪਲਾਈਜ਼ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਬੰਦ ਕਰੇ। ਉਨ੍ਹਾਂ ਕਿਹਾ ਕਿ ਮੰਗਾਂ ਨਾ ’ਤੇ ਸੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।