ਰਮੇਸ਼ ਭਾਰਦਵਾਜ
ਲਹਿਰਾਗਾਗਾ, 18 ਅਪਰੈਲ
ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪ੍ਰਾਇਮਰੀ ਅਧਿਆਪਕਾਂ ਵੱਲੋਂ ਅੱਜ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ, ਐਲੀਮੈਂਟਰੀ ਟੀਚਰਜ਼ ਯੂਨੀਅਨ, 4500 ਅਤੇ 2005 ਅਧਿਆਪਕ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਵਿੱਚ ਰੋਸ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ, ਕਿਰਨਪਾਲ ਗਾਗਾ, ਗੋਰਾ ਸਿੰਘ ਸ਼ਾਦੀਹਰੀ ਤੇ ਸੁਖਚੈਨ ਸਿੰਘ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਤਿੰਨ ਮਹੀਨਿਆਂ ਤੋਂ ਰੁਕੀ ਅਧਿਆਪਕਾਂ ਦੀ ਤਨਖਾਹ ਅਤੇ ਬਕਾਏ ਜਾਰੀ ਕੀਤੇ ਜਾਣ। ਡੀਟੀਐੱਫ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ, ਬਲਾਕ ਜਰਨਲ ਸਕੱਤਰ ਗੁਰਮੀਤ ਸੇਖੂਵਾਸ ਅਤੇ ਦਾਤਾ ਸਿੰਘ ਨਮੋਲ ਨੇ ਦੱਸਿਆ ਕਿ ਸਾਢੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕ ਪ੍ਰੇਸ਼ਾਨ ਹਨ। ਉਨ੍ਹਾਂ ਤਨਖਾਹਾਂ ਦੀ ਪ੍ਰਾਪਤੀ ਤੱਕ ਰੋਸ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਸਟਰ ਗੁਰਚਰਨ ਖੋਖਰ ਅਤੇ ਇਕਾਈ ਪ੍ਰਧਾਨ ਬਿੱਕਰ ਖੋਖਰ, ਜਮਹੂਰੀ ਅਧਿਕਾਰ ਸਭਾ ਵੱਲੋਂ ਮਾਸਟਰ ਵਿਸ਼ਵਕਾਂਤ ਨੇ ਧਰਨੇ ਨੂੰ ਸੰਬੋਧਨ ਕੀਤਾ। ਅੰਤ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਜਨਵਰੀ, ਫਰਵਰੀ ਅਤੇ ਮਾਰਚ ਦੀ ਤਨਖਾਹ ਦੇ ਬਿੱਲ ਖਜ਼ਾਨਾ ਦਫ਼ਤਰ ਨੂੰ ਦੇ ਦਿੱਤੇ ਹਨ , ਕੱਲ੍ਹ ਤੱਕ ਹਰ ਹਾਲਤ ਵਿੱਚ ਤਨਖਾਹ ਖਾਤਿਆਂ ਵਿੱਚ ਪੈ ਜਾਵੇਗੀ। ਉਨ੍ਹਾਂ ਜਥੇਬੰਦੀਆਂ ਨੂੰ ਇਸ ਦੀ ਕਾਪੀ ਵੀ ਸੌਂਪੀ। ਧਰਨੇ ਵਿੱਚ ਬਲਾਕ ਲਹਿਰਾਗਾਗਾ ਦੇ ਵੱਡੀ ਗਿਣਤੀ ਵਿੱਚ ਪ੍ਰਾਇਮਰੀ ਅਧਿਆਪਕ ਹਾਜ਼ਰ ਸਨ।