ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ ਜਾਰੀ
ਮੋਹਣਜੀਤ ਸਿੰਘ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਨਾਅਰੇਬਾਜ਼ੀ
ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜ਼ਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਤਹਿਤ ਅੱਜ ਸੱਤਵੇਂ ਦਿਨ ਵੀ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਨਾਂਹ-ਪੱਖੀ ਵਤੀਰੇ ਅਤੇ ਸੱਤਾ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਉਂਦਿਆਂ ਸਖ਼ਤ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਵਿਜੈ ਲੰਕੇਸ਼, ਕੁਲਦੀਪ ਸਿੰਘ ਬੁੱਗਰਾਂ, ਕਰਨੈਲ ਸਿੰਘ ਜਖੇਪਲ ਅਤੇ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ ਨੇ ਕਿਹਾ ਕਿ ਪੁਲੀਸ ਤਸ਼ੱਦਦ ਅਤੇ ਖ਼ੁਦਕੁਸ਼ੀ ਮਾਮਲਿਆਂ ਵਿੱਚ ਸਰਕਾਰ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੱਤਾ ਦੇ ਜ਼ੋਰ ’ਤੇ ਹਰ ਵਰਗ ਦੇ ਲੋਕਾਂ ਦੀ ਆਵਾਜ਼ ਨੂੰ ਦਬਾਅ ਰਹੀ ਅਤੇ ਸਰਕਾਰੀ ਜਬਰ ਦਾ ਸ਼ਿਕਾਰ ਲੋਕ ਇਨਸਾਫ਼ ਲਈ ਦਰ-ਦਰ ਠੋਕਰਾਂ ਖਾਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਬਦਲਾਅ ਦੇ ਵਾਅਦੇ ਨਾਲ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਨਸ਼ਾ ਬੰਦ ਨਹੀਂ ਹੋਇਆ। ਆਗੂਆਂ ਨੇ ਮੰਗ ਕੀਤੀ ਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇ, ਮੋਹਣਜੀਤ ਸਿੰਘ ’ਤੇ ਕਥਿਤ ਪੁਲੀਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿਚ ਮੰਤਰੀ ਨੂੰ ਨਾਮਜ਼ਦ ਕੀਤਾ ਜਾਵੇ। ਇਸ ਮੌਕੇ ਲਾਡੀ ਕੁਲਾਰਾਂ ਅਤੇ ਮੱਖਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।

