ਰਮੇਸ਼ ਭਾਰਦਵਾਜ
ਲਹਿਰਾਗਾਗਾ , 10 ਫਰਵਰੀ
ਭਾਕਿਯੂ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਕੀਤੇ ਫ਼ੈਸਲੇ ਅਨੁਸਾਰ ਕਰੋਨਾ ਦੀ ਆੜ ਹੇਠ ਬੰਦ ਕੀਤੇ ਰਹਿੰਦੇ ਪ੍ਰਾਇਮਰੀ ਸਕੂਲਾਂ ਨੂੰ ਖੁੱਲ੍ਹਵਾਉਣ ਲਈ 4 ਤੋਂ 8 ਫਰਵਰੀ ਤੱਕ ਸ਼ਹਿਰ ਲਹਿਰਾਗਾਗਾ ਸਮੇਤ ਬਲਾਕ ਦੇ ਸਾਰੇ ਪਿੰਡਾਂ ਦੇ ਸਕੂਲਾਂ ਅੱਗੇ ਰੋਸ ਪ੍ਰਦਰਸ਼ਨ ਧਰਨੇ ਮੁਜ਼ਾਹਰ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਲੀਲਾ ਸਿੰਘ ਚੋਟੀਆਂ ਦੀ ਅਗਵਾਈ ਵਿੱਚ ਐੱਸਡੀਐੱਮ ਦਫ਼ਤਰ ਲਹਿਰਾਗਾਗਾ ਵਿੱਚ ਰੋਸ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ। ਬਲਾਕ ਜਨਰਲ ਸਕੱਤਰ ਬਹਾਦਰ ਭੁਟਾਲ, ਮਾਸਟਰ ਗੁਰਚਰਨ ਸਿੰਘ ਖੋਖਰ,ਕਰਨੈਲ ਸਿੰਘ ਗਨੌਟਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਆਧਾਰ ਤੋਂਂ ਬਿਨਾਂ ਹੀ ਕਰੋਨਾ ਦੀ ਆੜ ਹੇਠ ਸਕੂਲ ਕਾਲਜ ਬੰਦ ਕਰ ਕੇ ਬੱਚਿਆਂ ਦਾ ਆਪਣੇ ਅਧਿਆਪਕਾਂ ਰਾਹੀਂ ਸਹੀ ਸਰਵਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ। ਕਿਸਾਨ ਆਗੂਆਂ ਗੁਰਮੇਲ ਸਿੰਘ ਕੋਟੜਾ ਲਹਿਲ ਅਤੇ ਜਗਦੇਵ ਸਿੰਘ ਖੋਖਰ ਨੇ ਰਹਿੰਦੇ ਬੰਦ ਪਏ ਪ੍ਰਾਇਮਰੀ ਸਕੂਲ ਤੁਰੰਤ ਖੋਲ੍ਹਣ ਦੀ ਮੰਗ ਕੀਤੀ।