ਨਿੱਜੀ ਪੱਤਰ ਪੇ੍ਰਕ
ਸੰਗਰੂਰ, 7 ਨਵੰਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਮੁਲਾਜ਼ਮਾਂ ਵਲੋਂ ਇਥੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਮੁਲਾਜ਼ਮ ਰੋਸ ਮਾਰਚ ਕਰਦੇ ਹੋਏ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਪੁੱਜੇ।
ਇਸ ਮੌਕੇ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਂਵਾਲ, ਮਨਪ੍ਰੀਤ ਟਿੱਬਾ ਅਤੇ ਗੁਰਮੇਲ ਸਿੰਘ ਸ਼ੇਰਪੁਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਪੌਣੇ ਪੰਜ ਸਾਲ ਬੀਤ ਚੁੱਕੇ ਹਨ ਪਰੰਤੂ ਸਰਕਾਰ ਦੇ ਨੁਮਾਇੰਦਿਆਂ ਨੇ ਐਨਪੀਐਸ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਨਹੀਂ ਨਿਭਾਇਆ। ਸਰਕਾਰ ਨੇ ਆਪਣੀ ਡੰਗ ਟਪਾਊ ਨੀਤੀ ਤਹਿਤ ਮੁਲਾਜ਼ਮਾਂ ਨੂੰ ਰੈਡੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਉਲਝਾ ਕੇ ਰੱਖਿਆ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੀ ਅਗਵਾਈ ਵਿਚ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿਖੇ ਲਾ ਮਿਸਾਲ ਰੈਲੀਆਂ ਵੀ ਕੀਤੀਆਂ ਗਈਆਂ। ਸਿੱਟੇ ਵਜੋਂ ਹਾਈ ਪਾਵਰ ਕਮੇਟੀ ਅਤੇ ਰੈਡੀ ਕਮੇਟੀ ਨਾਲ ਮੀਟਿੰਗਾਂ ਦਾ ਦੌਰ ਚੱਲਿਆ। ਭਾਵੇਂ ਕਿ ਇਨ੍ਹਾਂ ਮੀਟਿੰਗਾਂ ਤੋਂ ਆਸ ਅਨੁਸਾਰ ਪ੍ਰਾਪਤੀ ਨਹੀਂ ਹੋਈ ਪਰ ਸਰਕਾਰ ਅੱਗੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਅਸਰਦਾਇਕ ਤਰੀਕੇ ਨਾਲ ਰੱਖਣ ਵਿੱਚ ਕਾਮਯਾਬੀ ਮਿਲੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸਾਡੀ ਗੱਲ ਨਹੀਂ ਸੁਣਦੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ’ਤੇ ਕਾਬਜ਼ ਸਿਆਸੀ ਧਿਰ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਬੱਗਾ ਸਿੰਘ, ਸੁਨੀਲ ਕੁਮਾਰ, ਹਰੀਸ਼ ਕੁਮਾਰ, ਯਾਦਵਿੰਦਰ ਪਾਲ, ਦਾਤਾ ਸਿੰਘ, ਸਤਨਾਮ ਉੱਭਾਵਾਲ, ਪ੍ਰਿੰਸ ਸਿੰਗਲਾ, ਨਿਰਮਲ ਸਿੰਘ, ਲਖਵੀਰ ਸਿੰਘ, ਤਰਨਜੀਤ ਕੌਰ, ਕੁਲਵੀਰ ਸਿੰਘ, ਸੁਰਜੀਤ ਸਿੰਘ ਅਤੇ ਐਡਵੋਕੇਟ ਹਰਦੇਵ ਸਿੰਘ ਆਦਿ ਮੌਜੂਦ ਸਨ।