ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕਲਮਛੋੜ ਹੜਤਾਲ ਦੇ 12ਵੇਂ ਦਿਨ ਅੱਜ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਲਾਲ ਬੱਤੀ ਚੌਕ ਵਿੱਚ ਆਵਾਜਾਈ ਠੱਪ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕਲਮਛੋੜ ਹੜਤਾਲ ਕਾਰਨ ਸਮੁੱਚਾ ਦਫ਼ਤਰੀ ਕੰਮਕਾਜ ਮੁਕੰਮਲ ਰੂਪ ਵਿੱਚ ਠੱਪ ਪਿਆ ਹੈ। ਪ੍ਰਦਰਸ਼ਨਕਾਰੀ ਹੜਤਾਲੀ ਮੁਲਾਜ਼ਮਾਂ ਨੇ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਅੱਜ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ 6 ਫੀਸਦੀ ਡੀਏ ਦੇਣ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ ਉੱਥੇ ਹੀ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਹੋਣ, ਬਾਕੀ ਮੰਗਾਂ ਪੂਰੀਆਂ ਹੋਣ ਅਤੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਿਸ਼ਚਿਤ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਵੱਖ-ਵੱਖ ਵਿਭਾਗਾਂ ਦੇ ਹੜਤਾਲੀ ਦਫ਼ਤਰੀ ਮੁਲਾਜ਼ਮ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿੱਚ ਇਕੱਠੇ ਹੋਏ, ਜਿੱਥੇ ਰੋਸ ਰੈਲੀ ਕਰਨ ਮਗਰੋਂ ਉਨ੍ਹਾਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਲਾਲ ਬੱਤੀ ਚੌਕ ਵਿੱਚ ਆਵਾਜਾਈ ਠੱਪ ਕਰ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਅਤੇ ਪ੍ਰੈੱਸ ਸਕੱਤਰ ਅਨੁਜ ਸ਼ਰਮਾ ਨੇ ਦੱਸਿਆ ਕਿ ਸੂਬੇ ਭਰ ਦਾ ਮਨਿਸਟੀਰੀਅਲ ਸਟਾਫ 10 ਅਕਤੂਬਰ ਤੋਂ ਕਲਮਛੋੜ ਹੜਤਾਲ ’ਤੇ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਜਾਪਦੀ ਹੈ, ਕਿਉਂਕਿ ਅਜੇ ਤੱਕ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰਿਲੀਜ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨ, 15 ਜਨਰਵੀ 2015 ਦਾ ਨੋਟੀਫਿਕੇਸ਼ਨ ਰੱਦ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਸੋਧ ਕੇ ਬਕਾਇਆ ਜਾਰੀ ਕਰਨ ਆਦਿ ਮੁੱਖ ਮੰਗਾਂ ਦਾ ਹੱਲ ਕਰਨ ਲਈ ਸਰਕਾਰ ਵੱਲੋਂ ਕੋਈ ਪਹਿਲਕਦਮੀ ਨਹੀਂ ਕੀਤੀ ਗਈ ਹੈ।
ਆਗੂਆਂ ਨੇ ਕਿਹਾ ਕਿ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਅਹਿਦ ਲਿਆ ਗਿਆ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਆਗੂਆਂ ਨਾਲ ਪੈਨਲ ਮੀਟਿੰਗ ਕਰਨ ਉਪਰੰਤ ਮੰਗਾਂ ਮੰਨ ਕੇ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਉਦੋਂ ਤੱਕ ਕਲਮਛੋੜ ਹੜਤਾਲ ਅਤੇ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਆਗੂਆਂ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ 6 ਫੀਸਦੀ ਡੀਏ ਦੇਣ ਦੇ ਫੈਸਲੇੇ ਦਾ ਸਵਾਗਤ ਕਰਨ ਦੇ ਨਾਲ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਅਤੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰ ਕੇ ਬਾਕੀ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਰੋਸ ਰੈਲੀ ਨੂੰ ਯੂਨੀਅਨ ਆਗੂ ਤਰਸੇਮ ਖੰਨਾ, ਮਨਪ੍ਰੀਤ ਕੌਰ , ਸੰਦੀਪ ਕੁਮਾਰ, ਗਗਨ ਗੋਇਲ ਤੇ ਸੰਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ।