ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਫਰਵਰੀ
ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਦੀ ਅਗਵਾਈ ਹੇਠ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਸ਼ਹਿਰ ’ਚ ਅੱਜ ਵਿਸ਼ਾਲ ਰੋਸ ਮਾਰਚ ਅਤੇ ਕਾਨਫ਼ਰੰਸ ਕੀਤੀ ਗਈ। ਇਸ ਵਿੱਚ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨ) (ਨਿਊ ਡੈਮੋਕਰੇਸੀ), ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਇਨਕਲਾਬੀ ਜਮਹੂਰੀ ਮੋਰਚਾ ਪੰਜਾਬ, ਭਾਰਤੀ ਮਾਰਕਸਵਾਦੀ ਕਮਿਊਨਿਸਟ ਪਾਰਟੀ (ਯੂ) ਦੇ ਵੱਡੀ ਗਿਣਤੀ ਕਾਰਕੁਨ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਵਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ, ਕਾਰਕੁਨਾਂ ਅਤੇ ਹਮਾਇਤੀਆਂ ਨੂੰ ਝੂਠੇ ਕੇਸਾਂ ਵਿੱਚ ਉਲਝਾਉਣ, ਗ੍ਰਿਫ਼ਤਾਰ ਕਰ ਕੇ ਜੇਲ੍ਹਾਂ ਵਿੱਚ ਬੰਦ ਕਰਨ, ਨੋਟਿਸ ਭੇਜ ਕੇ ਤੰਗ ਪ੍ਰੇਸ਼ਾਨ ਕਰਨ ਜਾਂ ਦਹਿਸ਼ਤਜ਼ਦਾ ਕਰਨ ਦਾ ਵਿਰੋਧ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ।
ਰੋਸ ਮਾਰਚ ਤੋਂ ਪਹਿਲਾਂ ਸਥਾਨਕ ਤੇਜਾ ਸਿੰਘ ਸੁਤੰਤਤਰ ਭਵਨ ਵਿੱਚ ਮੰਗਤ ਰਾਮ ਲੌਂਗੋਵਾਲ, ਨਰਿੰਦਰ ਨਿੰਦੀ, ਸਤਵੰਤ ਸਿੰਘ ਖੰਡੇਬਾਦ, ਊਧਮ ਸਿੰਘ ਸੰਤੋਖਪੁਰਾ, ਭਜਨ ਸਿੰਘ ਢੱਡਰੀਆਂ ਅਤੇ ਸਵਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕਾਨਫ਼ਰੰਸ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਨੂੰ ਬਦਨਾਮ ਕਰਨ ਲਈ ਝੂਠ ਦਾ ਸਹਾਰਾ ਲੈ ਰਹੀ ਹੈ। ਪ੍ਰਧਾਨ ਮੰਤਰੀ ਵਲੋਂ ਅੰਦੋਲਨ ਦੀ ਅਗਵਾਈ ਕਰਨ ਵਾਲਿਆਂ ਨੂੰ ਅੰਦੋਲਨਜੀਵੀ ਕਹਿੰਦਿਆਂ ਪ੍ਰਜੀਵੀ ਗਰਦਾਨ ਦਿੱਤਾ ਗਿਆ ਹੈ। 26 ਜਨਵਰੀ ਨੂੰ ਦਿੱਲੀ ਅੰਦਰ ਟਰੈਕਟਰ ਪਰੇਡ ਦੇ ਐਕਸਨ ਦੌਰਾਨ ਆਪਣੇ ਗੁਰਗਿਆਂ ਰਾਹੀਂ ਲਾਲ ਕਿਲੇ ਉੱਪਰ ਕੇਸਰੀ ਨਿਸ਼ਾਨ ਝੁਲਾ ਕੇ ਅੰਦੋਲਨਕਾਰੀਆਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਗਿਆ। ਇਸ ਦੀ ਆੜ ਵਿੱਚ ਬੇਕਸੂਰ ਨੌਜਵਾਨਾਂ ਨੂੰ ਝੂਠੇ ਕੇਸ ਦਰਜ ਕਰਨ ਉਪਰੰਤ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਹੈ। ਕਿਸਾਨ ਆਗੂਆਂ ਉਪਰ ਇਰਾਦਾ ਕਤਲ ਅਤੇ ਦੇਸ਼ਧ੍ਰੋਹ ਦੇ ਝੂਠੇ ਦੋਸ਼ ਮੜ੍ਹ ਦਿੱਤੇ ਗਏ ਹਨ। ਅੰਦੋਲਨ ਦੀ ਹਮਾਇਤ ਕਰਨ ਵਾਲੀਆਂ ਨੌਦੀਪ ਕੌਰ, ਦਿਸ਼ਾ ਰਵੀ ਵਰਗੀਆਂ ਲੜਕੀਆਂ ਨੂੰ ਵੀ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ।
ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਲੋਕ ਵਿਰੋਧੀ ਖੇਤੀ ਕਾਨੂੰਨਾਂ, ਵਾਤਾਵਰਨ ਨਿਯਮਾਂ ਵਿਚ ਲੋਕ ਵਿਰੋਧੀ ਸੋਧਾਂ, ਐੱਨਆਈਏ ਦੇ ਨਿਯਮਾਂ ਵਿੱਚ ਸੋਧਾਂ ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਵਿੱਚ ਸੋਧਾਂ ਅਤੇ ਕਿਰਤ ਕਾਨੂੰਨਾਂ ਨੂੰ ਖਤਮ ਕਰ ਕੇ ਬਣਾਏ ਚਾਰ ਕੋਡਾਂ ਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਕਾਨਫਰੰਸ ਦੌਰਾਨ ਪਾਸ ਕੀਤੇ ਗਏ ਮਤਿਆਂ ਵਿਚ ਸੰਘਰਸ਼ਸ਼ੀਲ ਲੋਕਾਂ ’ਤੇ ਮੜੇ ਝੂਠੇ ਕੇਸ ਵਾਪਸ ਲੈਣ, ਜੇਲ੍ਹਾਂ ਵਿੱਚ ਬੰਦ ਕਿਸਾਨਾਂ-ਮਜ਼ਦੂਰਾਂ ਤੇ ਸੰਘਰਸ਼ ਦੇ ਹਮਾਇਤੀ ਬੁੱਧੀਜੀਵੀਆਂ, ਪੱਤਰਕਾਰਾਂ, ਵਾਤਾਵਰਨ ਪ੍ਰੇਮੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ।