ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਵੱਲੋਂ ਰੋਸ ਮਾਰਚ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 20 ਜੂਨ
ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦੇ ਸੰਘਰਸ਼ ਦੇ ਅੱਜ 58ਵੇਂ ਦਿਨ ਯੂਨੀਵਰਸਿਟੀ ਵਿਚ ਰੈਲੀ ਕਰਦਿਆਂ ਮਾਰਚ ਕੀਤਾ ਗਿਆ। ਇਸ ਸੰਘਰਸ਼ ਵਿਚ ਯੂਨੀਵਰਸਿਟੀ ਦੇ ਵੱਖ ਅਦਾਰੇ, ਜਿਨ੍ਹਾਂ ਵਿਚ ਪੰਜਾਬੀ ਯੂਨੀਵਰਸਿਟੀ (ਮੇਨ ਕੈਂਪਸ), ਕਾਂਸਟੀਚੂਐਂਟ ਕਾਲਜ, ਨੇਬਰਹੁੱਡ ਕੈਂਪਸ ਅਤੇ ਰਿਜਨਲ ਸੈਂਟਰ ਸ਼ਾਮਲ ਹਨ। ਕੰਟਰੈਕਟ ਅਸਿਸਟੈਂਟ ਪ੍ਰੋਫੈਸਰ ਪ੍ਰਵਾਨਿਤ 2018 ਰੈਗੂਲੇਸ਼ਨ ਅਨੁਸਾਰ ਸੱਤਵਾਂ ਪੇਅ ਕਮਿਸ਼ਨ ਲਾਗੂ ਕਰਵਾਉਣ ਦੇ ਲਈ ਧਰਨਾ ਦੇ ਰਹੇ ਹਨ। ਆਗੂਆਂ ਮੁਤਾਬਕ ਅਪਰੈਲ 25 ਨੂੰ ਤਤਕਾਲੀ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਕੰਟਰੈਕਟ ਅਧਿਆਪਕਾਂ ਨਾਲ ਦਸ ਦਿਨਾਂ ’ਚ ਸਬੰਧਤ ‘ਪੇ ਕਮਿਸ਼ਨ’ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜੋ ਹਾਲੇ ਤੱਕ ਲਾਗੂ ਨਹੀਂ ਹੋਇਆ। ਨਵੇਂ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਵੀ ਵਾਅਦਾ ਪੁਗਾਉਣ ਤੋਂ ਮੁਨਕਰ ਹੋ ਗਏ ਹਨ। ਇਸ ਖਿਲਾਫ਼ ਅੱਜ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਕੈਂਪਸ ਅੰਦਰ ਰੈਲੀ ਕੱਢੀ। ਪੁਕਟਾ ਯੂਨੀਅਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਅਥਾਰਿਟੀ ਨੇ ਝੂਠ ਦਾ ਪੱਲਾ ਫੜਿਆ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 2018 ਦੇ ਰੈਗੂਲੇਸ਼ਨ ਅਨੁਸਾਰ ਪੇਅ ਕਮਿਸ਼ਨ ਨਾ ਦਿੱਤਾ ਗਿਆ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।
ਕੰਟਰੈਕਟ ਅਧਿਆਪਕਾਂ ਨੇ ਸੰਘਰਸ਼ ਵਿੱਢਿਆ
ਦੇਵੀਗੜ੍ਹ (ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਕੰਟਰੈਕਟ ’ਤੇ ਕੰਮ ਕਰ ਰਹੇ ਅਧਿਆਪਕਾਂ ਨੇ ਪ੍ਰਸ਼ਾਸਨ ਰੋਸ ਜ਼ਾਹਿਰ ਕੀਤਾ ਹੈ। ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਧਰਮ ਅਧਿਐਨ ਵਿਸ਼ੇ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਾ ਤਾਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕੋਈ ਵਾਧਾ ਕੀਤਾ ਗਿਆ ਹੈ, ਨਾ ਹੀ ਉਨ੍ਹਾਂ ਨੂੰ ਪੱਕੀ ਨੌਕਰੀ ਦੀ ਕੋਈ ਸੰਭਾਵਨਾ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਨੇ ਯੂਜੀਸੀ ਦਾ 2018 ਦਾ ਨੋਟੀਫਿਕੇਸ਼ਨ ਰੈਗੂਲਰ ਤੇ ਗੈਸਟ ਫੈਕਲਟੀ ਅਧਿਆਪਕਾਂ ’ਤੇ ਲਾਗੂ ਕਰ ਦਿੱਤਾ ਹੈ ਪਰ ਕੰਟਰੈਕਟ ਅਧਿਆਪਕਾਂ ਨੂੰ ਇਸ ਤੋਂ ਵਾਂਝੇ ਰੱਖ ਕੇ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ।