ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਮਈ
2364 ਈਟੀਟੀ ਅਸਾਮੀਆਂ ’ਤੇ ਭਰਤੀ ਹੋਣ ਦੇ ਕਰੀਬ ਪੰਜ ਮਹੀਨੇ ਬੀਤ ਜਾਣ ਮਗਰੋਂ ਵੀ ਨਿਯੁਕਤੀ ਪੱਤਰ ਨਾ ਮਿਲਣ ਤੋਂ ਖਫ਼ਾ ਉਮੀਦਵਾਰਾਂ ਵਲੋਂ ਇਥੇ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ 2364 ਈਟੀਟੀ ਅਸਾਮੀਆਂ ’ਤੇ ਚੁਣੇ ਗਏ ਅਧਿਆਪਕ ਸਥਾਨਕ ਬੀਐੱਸਐੱਨਐੱਲ ਪਾਰਕ ਵਿਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਬੱਸ ਸਟੈਂਡ ਨਜ਼ਦੀਕ ਲਾਲ ਬੱਤੀ ਚੌਕ ਪੁੱਜੇ ਜਿਥੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮਗਰੋਂ ਡੀਸੀ ਕੰਪਲੈਕਸ ਅੱਗੇ ਪੁੱਜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਜਗਜੀਤ ਸਿੰਘ ਮੋਗਾ, ਧੀਰਜ ਕੁਮਾਰ ਅਤੇ ਰਾਮ ਸਿੰਘ ਨੇ ਦੱਸਿਆ ਕਿ 2364 ਈਟੀਟੀ ਅਸਾਮੀਆਂ ’ਤੇ ਅਧਿਆਪਕਾਂ ਦੀ ਭਰਤੀ ਐਨਸੀਟੀਈ ਦੁਆਰਾ ਬਣਾਏ ਨਿਯਮਾਂ ਤਹਿਤ ਕੀਤੀ ਗਈ ਹੈ ਪਰੰਤੂ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਯੂਨੀਅਨ ਵਫ਼ਦ ਵਲੋਂ ਡਿਊਟੀ ਮੈਜਿਸਟ੍ਰੇਟ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ।ਇਸ ਮੌਕੇ ਯੂਨੀਅਨ ਆਗੂ ਕੁਲਵੰਤ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ, ਸੁਖਪਾਲ ਸਿੰਘ, ਰਾਕੇਸ਼ ਕੁਮਾਰ, ਅੰਜੂ ਕੁਮਾਰੀ, ਮਨੀਤੋਸ਼, ਸੁਖਜਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਮੌਜੂਦ ਸਨ।