ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਮਈ
ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ‘ਤੇ ਭਾਕਿਯੂ ਏਕਤਾ ਡਕੌਂਦਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਇੱਥੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦਫ਼ਤਰ ਅੱਗੇ ਪੁੱਜ ਕੇ ਕੇਂਦਰ ਸਰਕਾਰ ਦੇ ਨਾਂ ਚਿਤਾਵਨੀ ਪੱਤਰ ਦਿੱਤਾ ਗਿਆ। ਇਸ ਤੋਂ ਪਹਿਲਾਂ ਯੂਨੀਅਨ ਦੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਧਨੇਰ ਦੀਆਂ ਹਦਾਇਤਾਂ ‘ਤੇ ਕਿਸਾਨ ਭਗਵਾਨ ਮਹਾਂਵੀਰ ਚੌਕ ‘ਚ ਇਕੱਠੇ ਹੋਏ ਜਿੱਥੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦਿਆਂ ਧੂਰੀ ਰੋਡ ਸਥਿਤ ਸੰਸਦ ਮੈਂਬਰ ਦੇ ਦਫ਼ਤਰ ਅੱਗੇ ਪੁੱਜੇ। ਇੱਥੇ ਆਵਾਜਾਈ ਠੱਪ ਕਰਦਿਆਂ ਉਹ ਕੁਝ ਸਮੇਂ ਲਈ ਧਰਨੇ ‘ਤੇ ਵੀ ਬੈਠੇ। ਸਿਮਰਨਜੀਤ ਸਿੰਘ ਮਾਨ ਰਾਹੀਂ ਕੇਂਦਰ ਸਰਕਾਰ ਦੇ ਨਾਂ ਚਿਤਾਵਨੀ ਪੱਤਰ ਸੌਂਪਿਆ ਜੋ ਸੰਸਦ ਮੈਂਬਰ ਦੇ ਪੀ.ਏ. ਵਲੋਂ ਪ੍ਰਾਪਤ ਕੀਤਾ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ, ਸੂਬਾ ਕਮੇਟੀ ਮੈਂਬਰ ਸਾਹਿਬ ਸਿੰਘ ਬਡਬਰ, ਜ਼ਿਲ੍ਹਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਦੁੱਗਾਂ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਅਤੇ ਸ਼ੇਰਪੁਰ ਬਲਾਕ ਦੇ ਪ੍ਰਧਾਨ ਕਰਮਜੀਤ ਸਿੰਘ ਗੰਡੇਵਾਲ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਯੂ. ਪੀ ਦੇ ਕਿਸਾਨਾਂ ਸਮੇਤ ਸਮੁੱਚੇ ਭਾਰਤ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਸਵਾ ਸਾਲ ਲੰਮੇ ਇਤਿਹਾਸਕ ਅੰਦੋਲਨ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਮਜਬੂਰ ਹੋ ਕੇ ਖੇਤੀ-ਕਿਸਾਨੀ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਕਰ ਦਿੱਤੇ ਸਨ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਵੀ ਛੇਤੀ ਹੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਮੋਦੀ ਸਰਕਾਰ ਸਭ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਅਜੇ ਤੱਕ ਇੱਕ ਵੀ ਮੰਗ ਲਾਗੂ ਨਹੀਂ ਕੀਤੀ।
ਕਿਸਾਨਾਂ ਨੇ ਸੰਸਦ ਮੈਂਬਰ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਉਣ। ਆਗੂਆਂ ਮੰਗ ਕੀਤੀ ਕਿ ਸਾਰੀਆਂ ਖੇਤੀ ਜਿਨਸਾਂ ਦੇ ਘੱਟੋ-ਘੱਟ ਭਾਅ ਲਾਗਤਾਂ ਵਿੱਚ 50% ਮੁਨਾਫ਼ਾ ਜੋੜ ਕੇ ਤੈਅ ਕੀਤੇ ਜਾਣ ਅਤੇ ਤੈਅ ਕੀਤੇ ਰੇਟ ‘ਤੇ ਸਾਰੀਆਂ ਜਿਣਸਾਂ ਦੀ ਖਰੀਦ ਯਕੀਨੀ ਬਣਾਈ ਜਾਵੇ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਖਤਮ ਕੀਤੇ ਜਾਣ, ਪਹਿਲਵਾਲ ਲੜਕੀਆਂ ਦੇ ਜਿਨਸੀ ਸੋਸ਼ਣ ਦੇ ਦੋਸ਼ ਹੇਠ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।