ਨਿਜੀ ਪੱਤਰ ਪ੍ਰੇਰਕ
ਸੰਗਰੂਰ, 8 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਬੇਮਿਆਦੀ ਹੜਤਾਲ ਦੇ ਤੀਜੇ ਦਿਨ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਰੋਸ ਪ੍ਰਗਟਾਇਆ ਗਿਆ। ਕੱਚੇ ਹੜਤਾਲੀ ਮੁਲਾਜ਼ਮ ਸਥਾਨਕ ਬੱਸ ਅੱਡੇ ਵਿੱਚ ਚੱਲ ਰਹੇ ਰੋਸ ਧਰਨੇ ਦੌਰਾਨ ਵੀ ਸਰਕਾਰ ਖ਼ਿਲਾਫ਼ ਗਰਜ਼ਦੇ ਰਹੇ। ਹੜਤਾਲੀ ਮੁਲਾਜ਼ਮਾਂ ਨੇ ਭਲਕੇ 9 ਸਤੰਬਰ ਨੂੰ ਬੱਸ ਅੱਡਾ ਬੰਦ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮ ਸਥਾਨਕ ਬੱਸ ਅੱਡੇ ਵਿੱਚ ਇਕੱਠੇ ਹੋਏ, ਮਗਰੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਸੂਬਾ ਆਗੂ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ, ਜਿਸ ਕਰਕੇ ਬੇਮਿਆਦੀ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਟਰਾਂਸਪੋਰਟ ਮਾਫ਼ੀਆ ਖਤਮ ਕਰਨ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰੰਤੂ ਮਾਫ਼ੀਆ ਖਤਮ ਕਰਨ ਦੀ ਜਾਏ ਸਰਕਾਰੀ ਬੱਸਾਂ ਹੀ ਖਤਮ ਕਰ ਦਿੱਤੀਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਮੰਗਾਂ ਦਾ ਹੱਲ ਕਰਨ ਦੀ ਬਜਾਏ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਵਾਅਦਾ ਕਰਕੇ ਅੱਜ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਕਰਵਾਈ ਗਈ ਜੋ ਕਿ ਬੇਸਿੱਟਾ ਰਹੀ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ। ਦਸ ਸਾਲ ਦੀ ਸੇਵਾ ਹੋਣ ’ਤੇ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ 2021 ਐਕਟ ਬਣਾਉਣ ਦਾ ਬਹਾਨਾ ਬਣਾ ਕੇ ਸਰਕਾਰ ਪੱਲਾ ਝਾੜ ਰਹੀ ਹੈ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਲੋਕਾਂ ਦੀ ਹੋ ਰਹੀ ਪ੍ਰੇਸ਼ਾਨੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਪੰਜਾਬ ਭਰ ਵਿਚ ਬੱਸ ਅੱਡੇ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੜਤਾਲ ਦੌਰਾਨ ਮੁਲਾਜ਼ਮਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਗਈ ਅਤੇ ਸਰਕਾਰੀ ਰੂਟਾਂ ’ਤੇ ਚਲਦੀਆਂ ਪ੍ਰਾਈਵੇਟ ਬੱਸਾਂ ਬੰਦ ਨਾ ਕੀਤੀਆਂ ਗਈਆਂ ਤਾਂ ਸਰਕਾਰ ਦੇ ਪੁਤਲੇ ਫੂਕਣ, ਕੌਮੀ ਹਾਈਵੇਅ ਜਾਮ ਕਰਨ, ਮੁੱਖ ਮੰਤਰੀ ਦਾ ਘਿਰਾਓ ਕਰਨ, ਸ਼ਹਿਰਾਂ ਵਿਚ ਜਾਮ ਲਗਾਉਣ ਸਮੇਤ ਹੋਰ ਵੀ ਤਿੱਖੇ ਐਕਸ਼ਨ ਕੀਤੇ ਜਾਣਗੇ।
ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ ਘੱਟ ਦਸ ਹਜ਼ਾਰ ਕੀਤੀ ਜਾਵੇੇ। ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਟਿੱਬਾ, ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਸੁਖਜਿੰਦਰ ਸਿੰਘ ਸੀਪਾ, ਰਣਦੀਪ ਸਿੰਘ ਬਾਵਾ, ਲਖਵਿੰਦਰ ਸਿੰਘ ਬਿੱਟੂ, ਹਰਪ੍ਰੀਤ ਸਿੰਘ ਗਰੇਵਾਲ, ਰੁਪਿੰਦਰ ਸਿੰਘ, ਰਾਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।