ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ 27 ਸਤੰਬਰ ਦੇ ‘ਭਾਰਤ ਬੰਦ’ ਨੂੰ ਸਫ਼ਲ ਬਣਾਉਣ ਲਈ ਸ਼ਹਿਰ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਸ਼ਹਿਰ ਦੇ ਬਜ਼ਾਰਾਂ ਵਿੱਚ ਕਿਸਾਨਾਂ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਭਾਰਤ ਬੰਦ ਦੌਰਾਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਮੋਟਰਸਾਈਕਲਾਂ ਸਮੇਤ ਇੱਥੇ ਅਨਾਜ ਮੰਡੀ ਵਿੱਚ ਇਕੱਠੇ ਹੋਏ ਜਿਨ੍ਹਾਂ ਦੇ ਹੱਥਾਂ ’ਚ ਜਥੇਬੰਦੀ ਦੇ ਝੰਡੇ ਚੁੱਕੇ ਹੋਏ ਸਨ। ਮਾਰਚ ਦੀ ਅਗਵਾਈ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਗੁਰਦੀਪ ਸਿੰਘ ਕੰਮੋਮਾਜਰਾ, ਲਾਭ ਸਿੰਘ ਖੁਰਾਣਾ, ਹਰਦੇਵ ਸਿੰਘ ਕੁਲਾਰਾਂ ਆਦਿ ਕਿਸਾਨ ਆਗੂ ਕਰ ਰਹੇ ਸਨ। ਅਨਾਜ ਮੰਡੀ ਤੋਂ ਨਾਅਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਮੋਟਰਸਾਈਕਲ ਮਾਰਚ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਭਗਵਾਨ ਮਹਾਂਵੀਰ ਚੌਕ ਵਿੱਚ ਸਮਾਪਤ ਹੋਇਆ।
ਪਟਿਆਲਾ (ਸਰਬਜੀਤ ਸਿੰਘ ਭੰਗੂ): ‘ਭਾਰਤ ਬੰਦ’ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਕਿਸਾਨਾਂ ਨੇ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕੱਢ ਕੇ ਲੋਕਾਂ ਨੂੰ 27 ਸਤੰਬਰ ਨੂੰ ਆਪੋ-ਆਪਣੇ ਅਦਾਰੇ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਹੋਕਾ ਦਿੱਤਾ। ਇਸੇ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਵੀ ਜ਼ਿਲ੍ਹੇ ਦੇ ਆਗੂ ਤਲਵਿੰਦਰ ਸਿੰਘ ਖਰੌੜ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਬੰਦ ਦਾ ਸਮਰਥਨ ਕੀਤਾ ਅਤੇ ਉਸ ਦਿਨ ਵਧ-ਚੜ੍ਹ ਕੇ ਸ਼ਿਰਕਤ ਕਰਨ ਦਾ ਫ਼ੈਸਲਾ ਲਿਆ। ਫਰੰਟ ਦੇ ਸੂਬਾਈ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਗਗਨ ਰਾਣੂ ਸਮੇਤ ਹੋਰਾਂ ਨੇ ਸ਼ਿਰਕਤ ਕੀਤੀ ਜਦਕਿ ਅਧਿਆਪਕ ਆਗੂ ਹਰਦੀਪ ਸਿੰਘ ਟੋਡਰਪੁਰ ਨੇ ਸੱਦੇ ਦਾ ਸਮਰਥਨ ਕੀਤਾ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂ ਅਮਰੀਕ ਸਿੰਘ ਤੇ ਰਘਬੀਰ ਸਿੰਘ ਨੇ ਸੰਬੋਧਨ ਕੀਤਾ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ‘ਭਾਰਤ ਬੰਦ’ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦਿੜ੍ਹਬਾ ਤੋਂ ਰਵਾਨਾ ਹੋ ਕੇ ਦਿੜ੍ਹਬਾ ਦੇ ਬਾਜ਼ਾਰ ਵਿੱਚੋਂ ਹੁੰਦਾ ਹੋਇਆ, ਖੇਤਲਾ, ਰੋਗਲਾ, ਕੌਹਰੀਆਂ, ਕਾਕੂਵਾਲਾ, ਸ਼ਾਦੀਹਰੀ, ਲਾਡਬੰਨਜਾਰਾ, ਢੰਡਿਆਲ, ਉਭਿਆ, ਖੇੜੀ, ਕੈਂਪਰ, ਜਨਾਲ, ਤੂਰਬੰਨਜਾਰਾ ਪਿੰਡਾਂ ਵਿੱਚ ਗਿਆ। ਇਸ ਮੌਕੇ ਕਿਸਾਨ ਆਗੂ ਜਥੇਦਾਰ ਹਰਬੰਸ ਸਿੰਘ ਦਿੜ੍ਹਬਾ, ਸਤਨਾਮ ਸਿੰਘ, ਧੰਨ ਸਿੰਘ, ਨੈਬ ਸਿੰਘ ਗੁੱਜਰਾਂ ਤੇ ਬਲਵੀਰ ਸਿੰਘ ਕੌਹਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਨੌਜਵਾਨ ਹਾਜ਼ਰ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਲੋਕ ਚੇਤਨਾ ਮੰਚ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ‘ਭਾਰਤ ਬੰਦ’ ਦੇ ਸੱਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਲੇ ਝੰਡੇ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਤਰਸੇਮ ਭੋਲੂ, ਡੀਟੀਐੱਫ ਦੇ ਮਾਸਟਰ ਹਰਭਗਵਾਨ ਗੁਰਨੇ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਭੁਟਾਲ, ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ, ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਪੂਰਨ ਸਿੰਘ ਖਾਈ, ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਗੁਰਪਿਆਰ ਸਿੰਘ, ਫੀਲਡ ਵਰਕਰਜ਼ ਯੂਨੀਅਨ ਦੇ ਸੁਖਦੇਵ ਚੰਗਾਲੀਵਾਲਾ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੁਖਜਿੰਦਰ ਲਾਲੀ, ਕਿਸਾਨ ਵਿਕਾਸ ਫਰੰਟ ਦੇ ਮਹਿੰਦਰ ਸਿੰਘ ਨੇ ਇੱਥੇ ਮੰਦਰ ਚੌਕ ’ਚ ਸੰਬੋਧਨ ਕੀਤਾ।
ਕਿਸਾਨਾਂ ਵੱਲੋਂ ਪਿੰਡਾਂ ਵਿੱਚ ਝੰਡਾ ਮਾਰਚ
ਘੱਗਾ (ਸ਼ਾਹਬਾਜ਼ ਸਿੰਘ): ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਉੱਤੇ ਏਕਤਾ ਉਗਰਾਹਾਂ ਯੂਨੀਅਨ ਦੇ ਘੱਗਾ ਤੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦੇ ਕਾਫ਼ਲੇ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ‘ਭਾਰਤ ਬੰਦ’ ਦੇ ਸੱਦੇ ਤਹਿਤ ਪਾਤੜਾਂ, ਘੱਗਾ ਤੇ ਬਾਦਸ਼ਾਹਪੁਰ ਤੋਂ ਕਿਸਾਨ ਲਾਮਬੰਦ ਹੋ ਚੁੱਕੇ ਹਨ ਅਤੇ ਸ਼ਾਂਤੀਪੂਰਵਕ ਸੜਕਾਂ, ਦੁਕਾਨਾਂ ਤੇ ਹੋਰ ਕਾਰੋਬਾਰ ਪੂਰਨ ਤੌਰ ਉੱਤੇ ਬੰਦ ਰੱਖੇ ਜਾਣਗੇ ਜਦਕਿ ਐਮਰਜੈਂਸੀ ਤੇ ਐਂਬੂਲੈਂਸਾਂ ਨੂੰ ਨਹੀਂ ਰੋਕਿਆ ਜਾਵੇਗਾ। ਯੂਨੀਅਨ ਦੇ ਬੁਲਾਰੇ ਮਨਜੀਤ ਸਿੰਘ ਨੇ ਕਿਹਾ ਕਿ 27 ਸਤੰਬਰ ਨੂੰ ਪਾਤੜਾਂ ਤੇ ਨਿਆਲ ਸਮੇਤ ਤਿੰਨ ਥਾਵਾਂ ਉੱਤੇ ਸਟੇਜ ਲਾਈ ਜਾਵੇਗੀ। ਇਸ ਦੌਰਾਨ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਦੀ ਅਗਵਾਈ ਹੇਠ ‘ਭਾਰਤ ਬੰਦ’ ਦੇ ਸਮਰਥਨ ’ਚ ਝੰਡਾ ਮਾਰਚ ਕੱਢਿਆ ਗਿਆ।
‘ਭਾਰਤ ਬੰਦ’ ਨੂੰ ਸਫ਼ਲ ਬਣਾਉਣ ਲਈ ਮੀਟਿੰਗਾਂ
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਲਾਏ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ 359 ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ‘ਭਾਰਤ ਬੰਦ’ ਨੂੰ ਸਫ਼ਲ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਮੋਟਰਸਾਈਕਲਾਂ, ਸਕੂਟਰਾਂ ਤੇ ਕਾਰਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸ਼ਹਿਰ ਦੀਆਂ ਜਥੇਬੰਦੀਆਂ, ਵਪਾਰ ਮੰਡਲ ਤੋਂ ਇਲਾਵਾ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ‘ਭਾਰਤ ਬੰਦ’ ਨੂੰ ਸਫ਼ਲ ਬਣਾਉਣ।