ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਅਪਰੈਲ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਹੇਠ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ 13 ਅਪਰੈਲ ਨੂੰ ਭਗਤ ਰਵੀਦਾਸ ਚੌਕ ਤੋਂ ਡਿਓਢੀ ਦਮਦਮਾ ਸਾਹਿਬ ਤੱਕ ਮਾਰਚ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸਥਾਪਤ ਕਰਨ ਲਈ ਸਿੰਘ ਸਹਬਿਾਨ ਉੱਪਰ ਦਬਾਅ ਪਾਉਣ ਲਈ ਮਾਰਚ ਕਰਕੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਸੀ।
ਜਥੇਦਾਰ ਮਿੱਠੂ ਸਿੰਘ ਕਾਹਨੇਕੇ ਨੇ ਦੱਸਿਆ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਬਾਣੀ ਦੇ ਪ੍ਰਸਾਰਨ ਲਈ ਅਧੁਨਿਕ ਸੰਚਾਰ ਤਕਨੀਕਾਂ ਨਾਲ ਲੈੱਸ ਆਪਣਾ ਚੈਨਲ ਸਥਾਪਤ ਕਰਨ ਲਈ ਸਮਾਂਬੱਧ ਆਦੇਸ਼ ਜਾਰੀ ਕਰ ਦਿੱਤਾ ਹੈ ਜਿਸ ’ਤੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਹਫਤੇ ਅੰਦਰ ਯੂ-ਟਿਊਬ ਚੈਨਲ ਰਾਹੀਂ ਦਰਬਾਰ ਸਾਹਿਬ ਤੋਂ ਸਿੱਧਾ ਪ੍ਰਸਾਰਣ ਕਰਨ ਦਾ ਭਰੋਸਾ ਦਿੱਤਾ ਹੈ। ਇਸ ਸੰਬੰਧੀ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰਾ ਕਰ ਕੇ 13 ਅਪਰੈਲ ਨੂੰ ਆਪਣਾ ਚੈਨਲ ਚਲਾਉਣ ਦੀ ਮੰਗ ਨੂੰ ਲੈ ਕੇ ਮਾਰਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ।