ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਅਪਰੈਲ
ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੇ ਵੀਸੀ ਦਫਤਰ ਮੂਹਰੇ ਕੰਟਰੈਕਟ ਯੂਨੀਅਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੇ ਧਰਨੇ ਦੇ ਤੀਜੇ ਦਿਨ ਅੱਜ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਦੌਰਾਨ ਰੋਸ ਮਾਰਚ ਵੀ ਕੀਤਾ ਗਿਆ।
ਇਸ ਮੌਕੇ ਯੂਨੀਅਨ ਆਗੂ ਡਾ. ਮਨਦੀਪ ਗੌਰ ਨੇ ਕਿਹਾ ਕਿ ਯੂਨੀਵਰਸਿਟੀ ਅਥਾਰਟੀ ਕਈ ਸਾਲਾਂ ਤੋਂ ਕੰਟਰੈਕਟ ਅਧਿਆਪਕਾਂ ਨੂੰ ਸਿਰਫ ਲਾਰੇ ਹੀ ਲਗਾ ਰਹੀ ਹੈ ਅਤੇ ਲੰਮਾਂ ਸਮਾਂ ਲੰਘਣ ਦੇ ਬਾਵਜੂਦ ਕੰਟਰੈਕਟ ਅਧਿਆਪਕਾਂ ’ਤੇ ਯੂਜੀਸੀ ਦਾ 2018 ਦਾ ਰੈਗੂਲੇਸ਼ਨ ਲਾਗੂ ਨਹੀਂ ਕੀਤਾ ਗਿਆ ਹੈ। ਯੂਨੀਅਨ ਆਗੂ ਡਾ. ਰਾਜਿੰਦਰ ਸਿੰਘ ਦਾ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਵਾਈਸ ਚਾਂਸਲਰ ਨੂੰ ਸਪਸ਼ਟ ਨਿਰਦੇਸ਼ ਦਿੱਤੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪ੍ਰਧਾਨ ਡਾ. ਤਰਨਜੀਤ ਕੌਰ ਦਾ ਕਹਿਣਾ ਸੀ ਕਿ ਜਦੋਂ ਤੱਕ ਸੱਤਵਾਂ ਪੇਅ ਕਮਿਸ਼ਨ ਲਾਗੂ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਇਸ ਮੌਕੇ ਡਾ. ਤੇਜਿੰਦਰ ਸਿੰਘ ਸਿੱਧੂ ਅਤੇ ਲਵਪ੍ਰੀਤ ਸ਼ਰਮਾ ਸਮੇਤ ਹੋਰ ਵੀ ਮੌਜੂਦ ਸਨ।
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ
ਨਾਭਾ (ਮੋਹਿਤ ਸਿੰਗਲਾ): 5994 ਈਟੀਟੀ ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਉੱਪਰ ਆਨੰਦਪੁਰ ਸਾਹਿਬ ਵਿੱਚ ਹੋਈ ਕਥਿਤ ਪੁਲੀਸ ਕੁੱਟਮਾਰ ਦੌਰਾਨ ਇੱਕ ਪੁਲੀਸ ਅਧਿਕਾਰੀ ਵੱਲੋਂ ਪ੍ਰਦਰਸ਼ਨਕਾਰੀ ਦੀ ਛਾਤੀ ਉੱਪਰ ਗੋਡਾ ਰੱਖਣ ਦੀ ਤਸਵੀਰ ਨਾਲ ਮੁਜ਼ਾਹਰਾ ਕਰਦੇ ਹੋਏ ਅੱਜ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਸਿੱਖਿਆ ਕ੍ਰਾਂਤੀ ਦੀ ਤਸਵੀਰਾਂ ਵੀ ਸਾੜੀਆਂ ਗਈਆਂ। ਇਸ ਮੌਕੇ ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਅਤੇ ਨਾਭਾ ਪ੍ਰਧਾਨ ਰਾਮ ਸ਼ਰਨ ਨੇ ਕਿਹਾ ਕਿ ਪੰਜਾਬ ਨੂੰ ਪੁਲੀਸ ਰਾਜ ਬਣਾਇਆ ਜਾ ਰਿਹਾ ਹੈ ਤੇ ਸਰਕਾਰ ਲੋਕ ਹਿੱਤ ਵਿੱਚ ਕੰਮ ਕਰਨ ਤੋਂ ਇਨਕਾਰੀ ਹੋ ਕੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਆਪਣੇ ਹੱਕ ਮੰਗ ਰਹੇ ਪ੍ਰਦਰਸ਼ਨਕਾਰੀਆਂ ਦੇ ਸ਼ਰੇਆਮ ਠੁੱਡੇ ਮਾਰੇ ਗਏ, ਉਹਨਾਂ ਨੂੰ ਸੜਕ 'ਤੇ ਘੜੀਸਿਆ ਗਿਆ ਤੇ ਗਾਲੀ ਗਲੋਚ ਕੀਤੀ ਗਈ ਜਿਸ ਕਾਰਨ ਉਹ ਪੰਜਾਬ ਸਰਕਾਰ ਦਾ ਪੁਰਜ਼ੋਰ ਵਿਰੋਧ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਸੂਬੇ ਵਿੱਚ ਅਧਿਆਪਕਾਂ, ਪ੍ਰਿੰਸੀਪਲਾਂ, ਪ੍ਰਾਇਮਰੀ ਆਦਿ ਸਭ ਵਿੱਚ ਖਾਲੀ ਅਸਾਮੀਆਂ ਦੀ ਗਿਣਤੀ ਕਰਵਾਉਣ ਦੀ ਮੰਗ ਕਰਦਿਆਂ ਦੱਸਿਆ ਕਿ ਛੇ ਹਜ਼ਾਰ ਪੋਸਟਾਂ ਖਾਲੀ ਪਈਆਂ ਹਨ ਪਰ ਰੁਜ਼ਗਾਰ ਮੰਗਣ ਵਾਲਿਆਂ ਨਾਲ ਸਰਕਾਰ ਪੁਲੀਸ ਰਾਹੀਂ ਨਿੰਦਣਯੋਗ ਰਵਈਆ ਅਪਣਾ ਰਹੀ ਹੈ।
ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ ਜਾਰੀ
ਪਟਿਆਲਾ (ਖੇਤਰੀ ਪ੍ਰਤੀਨਿਧ): ਆਪਣੀਆਂ ਮੰਗਾਂ ਦੀ ਪੂਰਤੀ ਲਈ ਫੈਕਲਟੀ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਦੇ ਮੂਹਰੇ 14 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਧਰਨਾ ਅੱਜ ਵੀ ਜਾਰੀ ਰਿਹਾ ਜਿਸ ਦੀ ਅਗਵਾਈ ਵਰਿੰਦਰ ਖੁਰਾਨਾ ਕਰ ਰਹੇ ਹਨ, ਉਹ ਬਕਾਇਆ ਤਨਖਾਹ ਜਾਰੀ ਕਰਨ ਤੇ 57,700 ਦਾ ਸਕੇਲ ਦੇਣ ਦੀ ਮੰਗ ਕਰ ਰਹੇ ਹਨ।