Protest Over Sewer Overflow Crisis: ਸੁੰਦਰ ਬਸਤੀ ਵਿੱਚ ਹਾਲਾਤ ਬਦਤਰ
ਲੋਕਾਂ ਨੇ ਮਾਡ਼ੇ ਸੀਵਰੇਜ ਪ੍ਰਬੰਧਾਂ ਖਿਲਾਫ਼ ਨਾਅਰੇਬਾਜ਼ੀ ਕੀਤੀ
ਸ਼ਹਿਰ ਦੀ ਸੁੰਦਰ ਬਸਤੀ ਦੇ ਵਸਨੀਕ ਪਿਛਲੇ ਕਰੀਬ ਇੱਕ ਸਾਲ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਵੱਡੀ ਸਮੱਸਿਆ ਨਾਲ ਜੂਝਦਿਆਂ ਜ਼ਿੰਦਗੀ ਬਿਤਾਉਣ ਲਈ ਮਜਬੂਰ ਹਨ। ਬਸਤੀ ਦੀਆਂ ਗਲੀਆਂ ਵਿੱਚ ਦਾਖਲ ਹੁੰਦੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਹਾਲਾਤ ਬਦ ਤੋਂ ਬਦਤਰ ਬਣਾ ਦਿੱਤੇ ਹਨ। ਬੀਤੀ ਰਾਤ ਬਸਤੀ ਦੀਆਂ ਗਲੀਆਂ ਵਿੱਚ ਸੀਵਰੇਜ ਦੇ ਪਾਣੀ ਤੋਂ ਬੇਹੱਦ ਪ੍ਰੇਸ਼ਾਨ ਹੋਏ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਸਮਾਜਿਕ ਕਾਰਕੁਨ ਐਡਵੋਕੇਟ ਕਮਲ ਆਨੰਦ ਅਤੇ ਹੋਰ ਪਤਵੰਤੇ ਪੁੱਜ ਗਏ ਸਨ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ ਸੀ ਵਿਭਾਗ ਦੀ ਸਟੇਟ ਐਡਵਾਈਜ਼ਰੀ ਕੌਂਸਲ ਦੇ ਮੈਂਬਰ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਨਗਰ ਕੌਂਸਲ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਸਮੱਸਿਆ ਦਾ ਕੋਈ ਪੁਖਤਾ ਹੱਲ ਨਹੀਂ ਕੀਤਾ ਗਿਆ। ਗੰਦਗੀ ਅਤੇ ਦੂਸ਼ਿਤ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਗਲੀਆਂ ਗੰਦੇ ਪਾਣੀ ਨਾਲ ਛੱਪੜ ਦਾ ਰੂਪ ਧਾਰਨ ਕਰ ਲੈਂਦੀਆਂ ਹਨ ਜਿਨ੍ਹਾਂ ਚੋਂ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਬੱਚਿਆਂ ਦਾ ਪਾਣੀ ’ਚੋਂ ਲੰਘ ਕੇ ਜਾਣਾ ਖਤਰੇ ਤੋਂ ਖਾਲੀ ਨਹੀਂ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਸ਼ੁੱਕਰਵਾਰ ਤੱਕ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਸਮੂਹ ਮੁਹੱਲਾ ਨਿਵਾਸੀ ਸਮਾਜਿਕ ਜਥੇਬੰਦੀਆਂ ਤੇ ਰਾਜਨੀਤਕ ਪਾਰਟੀਆਂ ਸਮੇਤ ‘ਆਪ’ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕਰਨਗੇ ਅਤੇ ਪੱਕਾ ਮੋਰਚਾ ਖੋਲ੍ਹਿਆ ਜਾਵੇਗਾ।
ਸਮੱਸਿਆ ਦੇ ਪੱਕੇ ਹੱਲ ਲਈ ਕਾਰਵਾਈ ਜਾਰੀ: ਈ ਓ
ਨਗਰ ਕੌਂਸਲ ਦੇ ਈ ਓ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਬੀਤੀ ਰਾਤ ਤੋਂ ਹੀ ਲਗਾਤਾਰ ਪਾਣੀ ਕੱਢਣ ਲਈ ਟੈਂਕਰ ਲਾਏ ਗਏ ਹਨ ਅਤੇ ਸੀਵਰੇਜ ਲਾਈਨ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
