protest: ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਵਲੋਂ ਮੁਜ਼ਾਹਰਾ
ਮੁੱਖ ਮੰਤਰੀ ਨਾਲ ਮੀਟਿੰਗ ਅੱਜ; ਮੀਟਿੰਗ ਨਾ ਹੋਣ ਤੇ 15 ਨੂੰ ਸੂਬਾ ਪੱਧਰੀ ਪ੍ਰਦਰਸ਼ਨ ਦੀ ਚਿਤਾਵਨੀ
1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਸੰਗਰੂਰ ਇਕਾਈ ਦੇ ਸਮੂਹ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਸਥਾਨਕ ਸਰਕਾਰੀ ਰਣਬੀਰ ਕਾਲਜ ਅੱਗੇ ਆਪਣੀਆਂ ਮੰਗਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ 13 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਣ ਵਾਲੀ ਪ੍ਰਸਤਾਵਿਤ ਮੀਟਿੰਗ ਸਬੰਧੀ ਵਿਚਾਰ-ਵਟਾਂਦਰਾ ਕਰ ਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਗਈ।
ਫਰੰਟ ਦੇ ਆਗੂ ਪ੍ਰੋ. ਰੋਹਿਤ ਮਹਿਰੋਕ ਅਤੇ ਪ੍ਰੋਂ ਹਰਕਮਲ ਸਿੰਘ ਨੇ ਕਿਹਾ ਕਿ ਸਰਕਾਰੀ ਨਾਕਾਮੀਆਂ ਕਾਰਨ ਪੀ ਐੱਚ ਡੀ ਤੱਕ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਪਿਛਲੇ ਅੱਧੇ ਦਹਾਕੇ ਤੋਂ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਪੰਜਾਬ ਵਿੱਚ ਲਗਪਗ 25 ਸਾਲਾਂ ਬਾਅਦ ਸਰਕਾਰੀ ਕਾਲਜਾਂ ਵਿੱਚ ਹੋਈ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਕਾਰਨ 1158 ਪਰਿਵਾਰਾਂ ਦੇ ਨਾਲ-ਨਾਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਮੌਜੂਦ ਸੰਕਟ ਹੋਰ ਵੀ ਗੰਭੀਰ ਹੋ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰ ਸਕਦੀ ਹੈ। ਪ੍ਰੋਫ਼ੈਸਰ ਅਨੰਦ ਵਰਧਨ ਅਤੇ ਪ੍ਰੋ. ਮਸਤ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੇ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਉਣ ਅਤੇ ਰੁਜ਼ਗਾਰ ਦੀ ਸੁਰੱਖਿਆ ਸਮੇਤ ਸਰਕਾਰੀ ਕਾਲਜਾਂ ਦੇ ਵਿੱਤੀ ਸੰਕਟ ਦੇ ਠੋਸ ਹੱਲ ਲਈ 13 ਅਗਸਤ ਦੀ ਮੀਟਿੰਗ ਅਹਿਮ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ 13 ਅਗਸਤ ਦੀ ਮੀਟਿੰਗ ਤੋਂ ਮੁੱਕਰਦੀ ਹੈ ਜਾਂ ਮਸਲਿਆਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਫਰੰਟ ਵੱਲੋਂ 15 ਅਗਸਤ ਨੂੰ ਸੂਬਾ ਪੱਧਰੀ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

