ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੁਲਾਈ
ਬਹੁਜਨ ਸਮਾਜ ਪਾਰਟੀ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਅਨਾਜ ਮੰਡੀ ’ਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ‘ਆਪ’ ਸਰਕਾਰ ’ਤੇ ਦਲਿਤਾਂ, ਗਰੀਬਾਂ, ਮਜ਼ਦੂਰਾਂ, ਮੁਲਾਜ਼ਮਾਂ, ਧਾਰਮਿਕ ਘੱਟ ਗਿਣਤੀਆਂ, ਪੱਛੜੇ ਵਰਗਾਂ ਅਤੇ ਐੱਸਸੀ ਵਿਦਿਆਰਥੀਆਂ ਉਪਰ ਅੱਤਿਆਚਾਰ ਕਰਨ ਦੇ ਦੋਸ਼ਾਂ ਖ਼ਿਲਾਫ਼ ਮੰਗ ਪੱਤਰ ਸੌਂਪਿਆ ਹੈ।
ਰੋਸ ਰੈਲੀ ਤੋਂ ਬਾਅਦ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ, ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ ਅਤੇ ਸੂਬਾ ਕਮੇਟੀ ਮੈਂਬਰ ਅਮਰਜੀਤ ਸਿੰਘ ਝਲੂਰ ਦੀ ਅਗਵਾਈ ਹੇਠ ਵਰਕਰ ਸ਼ਹਿਰਾਂ ’ਚ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਪੁੱਜੇ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਸਪਾ ਦੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਅਤੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਲਾਂ ਦੀ ਅਗਵਾਈ ਹੇਠ ਵਫ਼ਦ ਨੇ ਮੰਗ ਪੱਤਰ ਸੌਂਪਿਆ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਵੀਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਲਿਤਾਂ, ਗਰੀਬਾਂ, ਮਜ਼ਦੂਰਾਂ, ਮੁਲਾਜ਼ਮਾਂ, ਧਾਰਮਿਕ ਘੱਟ ਗਿਣਤੀਆਂ, ਪੱਛੜੇ ਵਰਗਾਂ ਅਤੇ ਐੱਸਸੀ ਵਿਦਿਆਰਥੀਆਂ ਉਪਰ ਅੱਤਿਆਚਾਰ ਕਰ ਰਹੀ ਹੈ। ਡਾ. ਮੱਖਣ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਗਰੀਬਾਂ, ਮਜ਼ਦੂਰਾਂ ਤੇ ਦਲਿਤ ਪਰਿਵਾਰਾਂ ਦੇ ਮਕਾਨ ਢਹਿ ਢੇਰੀ ਹੋ ਗਏ ਹਨ। ਅਜਿਹੇ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 10 ਲੱਖ ਰੁਪਏ ਮਾਲੀ ਸਹਾਇਤਾ ਦਿੱਤੀ ਜਾਵੇ।