ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੁਆਰਾ ਭਾਰਤੀ ਫ਼ੌਜ ਦੇ ਨਿੱਜੀਕਰਨ ਲਈ ਲਿਆਂਦੀ ਗਈ ਅਗਨੀਪਥ ਸਕੀਮ ਖ਼ਿਲਾਫ਼ ਸਥਾਨਕ ਅਨਾਜ ਮੰਡੀ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਮਗਰੋਂ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੋਸ ਮੁਜ਼ਾਹਰਾ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਹ ਸਕੀਮ ਤੁਰੰਤ ਵਾਪਸ ਲਈ ਜਾਵੇ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਸਥਾਨਕ ਅਨਾਜ ਮੰਡੀ ਵਿੱਚ ਇਕੱਠੇ ਹੋਏ। ਇੱਥੇ ਵਿਸ਼ਾਲ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਸਾਰੇ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਸੌਂਪ ਰਹੀ ਹੈ। ਇੱਥੋਂ ਤੱਕ ਕਿ ਦੇਸ਼ ਦੀ ਸੁਰੱਖਿਆ ਕਰਨ ਵਾਲੀ ਭਾਰਤੀ ਫ਼ੌਜ ਨੂੰ ਵੀ ਠੇਕਾ ਪ੍ਰਣਾਲੀ ਤਹਿਤ ਅਗਨੀਪਥ ਸਕੀਮ ਅਧੀਨ ਲਿਆ ਕੇ ਨਿੱਜੀਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਫ਼ੌਜੀ ਖੇਤਰ ਦੇ ਬਜਟ ਸੁੰਗੜ ਨਹੀਂ ਰਹੇ ਸਗੋਂ ਹਰ ਸਾਲ ਕਈ ਗੁਣਾ ਵਧ ਰਹੇ ਹਨ। ਪਿਛਲੇ ਡੇਢ-ਦੋ ਦਹਾਕਿਆਂ ਦੌਰਾਨ ਭਾਰਤ ਦੇ ਰੱਖਿਆ ਬਜਟ ਵਿਚ ਕਈ ਗੁਣਾ ਵਾਧਾ ਹੋਇਆ ਹੈ। ਆਗੂਆਂ ਨੇ ਮੰਗ ਕੀਤੀ ਕਿ ਅਗਨੀਪਥ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਭਾਰਤੀ ਫ਼ੌਜ ਵਿੱਚ ਰੈਗੂਲਰ ਭਰਤੀ ਕੀਤੀ ਜਾਵੇ। ਇਸ ਮੌਕੇ ਕਿਸਾਨ ਆਗੂ ਬਹਾਲ ਸਿੰਘ ਢੀਂਡਸਾ, ਬਲਵੀਰ ਸਿੰਘ ਕੌਹਰੀਆਂ, ਹਰਬੰਸ ਸਿੰਘ ਲੱਡਾ, ਮਨਜੀਤ ਸਿੰਘ ਘਰਾਚੋਂ, ਰਣਜੀਤ ਸਿੰਘ ਲੌਂਗੋਵਾਲ, ਰਾਮਸਰਨ ਉਗਰਾਹਾਂ, ਪ੍ਰੀਤਮ ਸਿੰਘ, ਅਜੈਬ ਸਿੰਘ ਜਖੇਪਲ, ਗੋਬਿੰਦਰ ਸਿੰਘ ਮੰਗਵਾਲ ਤੇ ਰਿੰਕੂ ਮੂਨਕ ਨੇ ਵੀ ਸੰਬੋਧਨ ਕੀਤਾ।
ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਨੇ ਅਗਨੀਪੱਥ ਯੋਜਨਾ ਰੱਦ ਕਰਨ ਲਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀਸੀ ਮਾਲੇਰਕੋਟਲਾ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਤੋਂ ਪਹਿਲਾਂ ਯੂਨੀਅਨ ਨੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ। ਜਦੋਂ ਕੋਈ ਅਧਿਕਾਰੀ ਯੂਨੀਅਨ ਦਾ ਮੰਗ ਪੱਤਰ ਲੈਣ ਲਈ ਨਾ ਬਹੁੜਿਆ ਤਾਂ ਯੂਨੀਅਨ ਨੇ ਸਥਾਨਕ ਟਰੱਕ ਯੂਨੀਅਨ ਚੌਕ ’ਚ ਧਰਨਾ ਦੇ ਕੇ ਆਵਾਜਾਈ ਰੋਕੀ। ਇਸ ਉਪਰੰਤ ਐੱਸਡੀਐੱਮ ਨੇ ਧਰਨਾ ਸਥਾਨ ’ਤੇ ਪੁੱਜ ਕੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਸੰਬੋਧਨ ਕੀਤਾ। ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਅਲੀਪੁਰ, ਰਾਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਾਪੁਰ, ਸਤਿਨਾਮ ਸਿੰਘ, ਕੈਪਟਨ ਦਰਸ਼ਨ ਸਿੰਘ ਹਥੋਆ, ਸ਼ੇਰ ਸਿੰਘ ਮਹੋਲੀ ਤੇ ਚਰਨਜੀਤ ਸਿੰਘ ਹਥਨ ਆਦਿ ਹਾਜ਼ਰ ਸਨ।