ਹਸਪਤਾਲ ’ਚ ਐਮਰਜੈਂਸੀ ਸੇਵਾਵਾਂ ਬਹਾਲ ਕਰਾਉਣ ਲਈ ਧਰਨਾ

ਹਸਪਤਾਲ ’ਚ ਐਮਰਜੈਂਸੀ ਸੇਵਾਵਾਂ ਬਹਾਲ ਕਰਾਉਣ ਲਈ ਧਰਨਾ

ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਧਰਨੇ ’ਤੇ ਬੈਠੇ ਸਮਾਜ ਸੇਵੀ।

ਹਰਦੀਪ ਸਿੰਘ ਸੋਢੀ

ਧੂਰੀ, 22 ਨਵੰਬਰ

ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਲੰਮੇ ਸਮੇਂ ਤੋਂ ਰਾਤ ਸਮੇਂ ਐਮਰਜੈਂਸੀ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਰੋਸ ਹੈ। ਧੂਰੀ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਫੌਰੀ ਸ਼ੁਰੂ ਕਰਵਾਉਣ ਲਈ ਸੰਗਰੂਰ ਦੀ ਸਮਾਜ ਸੇਵੀ ਸੰਸਥਾ ‘ਨੋਬਲ ਹੈਲਪਿੰਗ ਹੈਂਡ ਸੁਸਾਇਟੀ ਫਾਊਂਡੇਸ਼ਨ’ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਅੱਗੇ ਧਰਨਾ ਲਾਉਣ ਮਗਰੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਸਥਾ ਦੇ ਆਗੂਆਂ ਐਡਵੋਕੇਟ ਡੀ.ਐੱਸ. ਡੱਲੀ, ਮਨਪ੍ਰੀਤ ਸਿੰਘ ਅਨਮੋਲ, ਸਤਿੰਦਰ ਸਿੰਘ ਸੈਣੀ, ਅਰਸ਼ਦੀਪ ਸਿੰਘ ਨੇ ਕਿਹਾ ਕਿ ਧੂਰੀ ਦੇਸ਼ ਤੇ ਸੂਬੇ ਦਾ ਪਹਿਲਾ ਅਜਿਹਾ ਸ਼ਹਿਰ ਹੈ, ਜਿੱਥੇ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਸ਼ਾਮ 8 ਤੋਂ ਸਵੇਰੇ 5 ਵਜੇ ਤਕ ਬੰਦ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਰਾਤ ਸਮੇਂ ਇਲਾਜ ਲਈ ਨਿੱਜੀ ਹਸਪਤਾਲਾਂ ਵਿੱਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਵਿੱਚ ਅਸਫ਼ਲ ਹੋਈ ਹੈ। ਸੰਸਥਾ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੂੰ ਵੀ ਮਾਮਲੇ ਸਬੰਧੀ ਜਾਣੂ ਕਰਵਾਇਆ ਹੈ। ਜੇ ਫਿਰ ਵੀ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਫੌਰੀ ਸ਼ੁਰੂ ਨਾ ਹੋਈਆਂ ਤਾਂ ਉਹ ਆਪਣੇ ਸੰਘਰਸ਼ ਨੂੰ ਸੜਕਾਂ ’ਤੇ ਲੈ ਕੇ ਜਾਣਗੇ।

ਉਧਰ, ਦੂਜੇ ਪਾਸੇ ਧੂਰੀ ਦੀ ਐੱਸਐੱਮਓ ਡਾਕਟਰ ਪ੍ਰਭਜੋਤ ਕੌਰ ਰੰਧਾਵਾ ਨੇ ਕਿਹਾ ਕਿ ਧੂਰੀ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਅਤੇ ਐਮਰਜੈਂਸੀ ਸੇਵਾਵਾਂ ਬੰਦ ਹੋਣ ਸਬੰਧੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਹੋਇਆ ਹੈ।

 

ਐਮਰਜੈਂਸੀ ਸੇਵਾਵਾਂ ਬੰਦ ਕਰਨ ਖ਼ਿਲਾਫ਼ ‘ਆਪ’ ਵੱਲੋਂ ਧਰਨਾ ਅੱਜ

ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸਿਵਲ ਹਸਪਤਾਲ ਧੂਰੀ ਦਾ ਦੌਰਾ ਕਰਦਿਆਂ ਜਿੱਥੇ ਹਸਪਤਾਲ ਵਿੱਚ ਇਲਾਜ ਕਰਵਾਉਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਉੱਥੇ ਹੀ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਨਿੰਦਾ ਕੀਤੀ ਅਤੇ ਹਸਪਤਾਲ ਵਿੱਚ ਸ਼ਾਮ 5 ਤੋਂ ਸਵੇਰੇ 8 ਵਜੇ ਤੱਕ ਐਮਰਜੈਂਸੀ ਸਿਹਤ ਸੇਵਾਵਾਂ ਬੰਦ ਕਰਨ ਦੇ ਫਰਮਾਨ ਦੀ ਨਿੰਦਾ ਕੀਤੀ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ, ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਬੰਦ ਕਰਨਾ ਸ਼ਰਮਾਨਾਕ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਧੂਰੀ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਬਹਾਲ ਕਰਵਾਉਣ ਲਈ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਭਲਕੇ 23 ਨਵੰਬਰ ਨੂੰ ਸਵੇਰੇ 11 ਵਜੇ ਧਰਨਾ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All