ਪਿੰਡ ਘਰਾਚੋਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ

ਪੰਚਾਇਤੀ ਜ਼ਮੀਨ ਲਈ ਸੰਘਰਸ਼ ਕਰ ਰਹੇ ਦਲਿਤਾਂ ਨੂੰ ਗ੍ਰਿਫ਼ਤਾਰ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ

ਪਿੰਡ ਘਰਾਚੋਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ

ਪਿੰਡ ਘਰਾਚੋਂ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ‘ਆਪ’ ਆਗੂ ਹਰਪਾਲ ਸਿੰਘ ਚੀਮਾ ਤੇ ਹੋਰ।

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 2 ਅਗਸਤ

ਨੇੜਲੇ ਪਿੰਡ ਘਰਾਚੋਂ ਵਿੱਚ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਦਲਿਤਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਮਜ਼ਦੂਰ ਆਗੂਆਂ ਖ਼ਿਲਾਫ਼ ਪਰਚਾ ਦਰਜ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਹਲਕਾ ਸੰਗਰੂਰ ਦੀ ਸਹਿ-ਪ੍ਰਧਾਨ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ ’ਤੇ ਘਰਾਚੋਂ ਪਹੁੰਚੇ। 

ਇਸ ਮੌਕੇ ਸ੍ਰੀ ਚੀਮਾ ਨੇ ਦਲਿਤ ਭਾਈਚਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਹੱਕ ਵਿਚ ਬੋਲਦਿਆਂ ਕਿਹਾ ਕਿ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਘਰਾਚੋਂ ਵਿਚ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਦਲਿਤਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਲਿਤ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਨੂੰ ਪ੍ਰਾਪਤ ਕਰਨ ਲਈ ਬਹੁਤ ਹੀ ਸ਼ਾਂਤੀਪੂਰਨ ਢੰਗ ਨਾਲ ਸ਼ੰਘਰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਸਾਂਝੀ ਖੇਤੀ ਕਰਨ ਲਈ ਸਮੂਹਿਕ ਤੌਰ ’ਤੇ ਜ਼ਮੀਨ ਲੈਣ ਵਾਲੇ ਮਜ਼ਦੂਰਾਂ ਨੂੰ ਤਰਜੀਹੀ ਆਧਾਰ ’ਤੇ ਪੰਚਾਇਤੀ ਜ਼ਮੀਨ ਦੇਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਲਿਤ ਆਗੂਆਂ ’ਤੇ ਪਾਏ ਕੇਸ ਰੱਦ ਕੀਤੇ ਜਾਣ ਅਤੇ ਦਲਿਤਾਂ ਦੇ ਹਿੱਸੇ ਦੀ ਜ਼ਮੀਨ ਦਲਿਤਾਂ ਨੂੰ ਦਿੱਤੀ ਜਾਵੇ।

ਇਸ ਮੌਕੇ ’ਆਪ’ ਆਗੂ ਹਰਦੀਪ ਸਿੰਘ ਤੂਰ, ਗੁਰਵਿੰਦਰ ਸਿੰਘ ਘਰਾਚੋਂ, ਦਲਜੀਤ ਸਿੰਘ ਘਰਾਚੋਂ ਵੀ ਹਾਜ਼ਰ ਸਨ। ਇਸੇ ਦੌਰਾਨ ਜ਼ਮੀਨ ਪ੍ਰਾਪਤੀ ਸ਼ੰਘਰਸ ਕਮੇਟੀ ਦੇ ਆਗੂ ਬਿਕਰਮਜੀਤ ਸਿੰਘ ਹਥੋਆ ਅਤੇ ਗੁਰਚਰਨ ਸਿੰਘ ਘਰਾਚੋਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਜ਼ਮੀਨ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।

ਧਰਨੇ ਦੌਰਾਨ ਔਰਤ ਨੂੰ ਸੱਪ ਨੇ ਡੰਗਿਆ

ਪਿੰਡ ਘਰਾਚੋਂ ਵਿਖੇ ਚੱਲ ਰਹੇ ਮੋਰਚੇ ਦੌਰਾਨ ਦਲਿਤ ਔਰਤ ਅੰਗਰੇਜ਼ ਕੌਰ (55) ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਕਾਈ ਘਰਾਚੋਂ ਦੇ ਪ੍ਰਧਾਨ ਗੁਰਚਰਨ ਸਿੰਘ, ਮਿੱਠੂ ਸਿੰਘ ਅਤੇ ਪਰਮਜੀਤ ਕੌਰ ਨੇ ਦੱਸਿਆ ਕਿ  ਧਰਨੇ ਦੌਰਾਨ ਅੱਜ ਦਲਿਤ ਔਰਤ ਨੂੰ ਸੱਪ ਨੇ ਡੰਗ ਮਾਰ ਦਿੱਤਾ। ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਸੰਗਰੂਰ ਹਸਪਤਾਲ ਲਿਜਾਇਆ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All