ਹਰਦੀਪ ਸਿੰਘ ਸੋਢੀ
ਧੂਰੀ, 19 ਮਈ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਮੰਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ 230ਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਕਈ ਸੂਬਿਆਂ ਦੀਆਂ ਸਰਕਾਰਾਂ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਵਿੱਚ ਨਾਕਾਮ ਰਹੀਆਂ ਹਨ ਤੇ ਇਕ ਦੁਸਰੇ ਉੱਪਰ ਰਾਜਨੀਤੀ ਕਰਨ ਉੱਪਰ ਉਤਰ ਆਈਆਂ ਹਨ। ਦੇਸ਼ ਦੇ ਹਾਲਾਤ ਨਾਜ਼ੁਕ ਬਣੇ ਹੋਏ ਹਨ ਅਤੇ ਇਸ ਸਥਿਤੀ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅੱਜ ਕਰੋਨਾ ਮਹਾਂਮਾਰੀ ਕਾਰਨ ਕੀਮਤੀ ਜਾਨਾਂ ਜਾ ਰਹੀਆਂ ਹਨ। ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਹੀ ਧਰਨੇ ਚੁੱਕੇ ਜਾਣਗੇ।