ਪੱਤਰ ਪ੍ਰੇਰਕ
ਸੰਗਰੂਰ, 20 ਜੁਲਾਈ
ਅੱਜ ਐੱਸਐੱਮਐੱਸਯੂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਰਾਜਵੀਰ ਸ਼ਰਮਾ ਬਡਰੁੱਖਾਂ ਵੱਲੋਂ ਸੂਬਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ 17 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ/ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੇ ਪੈਟਰਨ ’ਤੇ ਤਨਖ਼ਾਹ ਸਕੇਲ ਲਾਗੂ ਕਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਸਰਕਾਰੀ ਮੁਲਾਜ਼ਮਾਂ ਤੇ ਲਗਾਤਾਰ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਜਥੇਬੰਦੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ। ਆਗੂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਮਿਲ ਕੇ ਆਉਣ ਵਾਲੇ ਸਮੇਂ ਵਿਚ ਰਾਜਨੀਤਕ ਪਾਰਟੀਆਂ ਨੂੰ ਵੱਡਾ ਝਟਕਾ ਦੇਣਗੇ। ਇਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਬਕਾਏ ਤਾਂ ਕੀ ਦੇਣੇ ਸਨ, ਸਗੋਂ ਮੁਲਾਜ਼ਮਾਂ ਨੂੰ ਪਹਿਲਾਂ ਮਿਲ ਰਿਹਾ ਮਿਹਨਤਾਨਾ ਘਟਾਉਣ ਦੀ ਵੀ ਸਾਜਸ਼ ਕੀਤੀ ਜਾ ਰਹੀ ਹੈ। ਤਰਸੇਮ ਭੱਠਲ ਨੇ ਮੁਲਾਜ਼ਮਾਂ ਨੂੰ ਕਿਹਾ ਕਿ ਜਥੇਬੰਦੀ ਦੇ ਐਕਸ਼ਨ ਨੂੰ ਪੂਰੇ ਜੋਸ਼ ਨਾਲ ਲਾਗੂ ਕੀਤਾ ਜਾਵੇ।
ਅਮਰਗੜ੍ਹ (ਰਾਜਿੰਦਰ ਜੈਦਕਾ): ਅਧਿਆਪਕ ਦਲ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਭੈਣੀ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਭੰਗੂ ਤੇ ਦਲਜੀਤ ਸਿੰਘ ਚੌਂਦਾ ਨੇ ਕਿਹਾ ਕਿ ਕੇਂਦਰੀ ਪੈਟਰਨ ’ਤੇ ਤਨਖ਼ਾਹਾਂ ਦਾ ਅਮਲ ਨੂੰ ਪੰਜਾਬ ਦੇ ਮੁਲਾਜ਼ਮ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੈਲੀਆਂ ’ਤੇ ਲਾਈ ਪਾਬੰਦੀ ਵੀ ਕਰੋਨਾ ਦੀ ਓਟ ਵਿੱਚ ਮੁਲਾਜ਼ਮਾਂ ਨੂੰ ਸੰਘਰਸ਼ਾਂ ਤੋਂ ਰੋਕ ਰਹੀ ਹੈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੰਜਾਬ ਦੇ ਨਵੀਂ ਭਰਤੀ ਅਧੀਨ ਮੁਲਾਜ਼ਮਾਂ ਤੇ ਸਰਕਾਰ ਵੱਲੋਂ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਰੱਦ ਕਰਦਿਆਂ ਸਰਕਾਰ ਦੇ ਫ਼ੈਸਲੇ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਜਤਿੰਦਰ ਪਾਲ ਖੇੜੀ ਚਹਿਲਾਂ ਨੇ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਵਿਰੋਧੀ ਕੀਤੇ ਜਾ ਰਹੇ ਫ਼ੈਸਲਿਆਂ ਦੀ ਨਿਖੇਧੀ ਕੀਤੀ।
ਇੱਥੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀਐੱਮਐੱਫ) ਪੰਜਾਬ ਦੇ ਸੱਦੇ ’ਤੇ ਲਹਿਰਾਗਾਗਾ ਇਕਾਈ ਨੇ ਲਹਿਰਾਗਾਗਾ ਬੱਸ ਸਟੈਂਡ ਵਿਚ ਕੇਂਦਰੀ ਤਨਖ਼ਾਹ ਪੈਟਰਨ ਲਾਗੂ ਕਰਨ ਲਈ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਜਿੱਤਣ ਤੋਂ ਬਾਅਦ ਮਿੱਟੀ ਘੱਟੇ ਵਿੱਚ ਰੋਲਣ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਲਹਿਰਾਗਾਗਾ ਬਲਾਕ ਦੇ ਸਕੱਤਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿੱਜੀਕਰਨ ਦੀਆਂ ਲੋਕ ਵਿਰੋਧੀਆਂ ਨੀਤੀਆਂ ਤਹਿਤ ਸਰਕਾਰੀ ਅਦਾਰਿਆਂ ਦਾ ਮੁਕੰਮਲ ਭੋਗ ਪਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਅੱਜ ਇੱਥੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਤਹਿਸੀਲ ਇਕਾਈ ਵੱਲੋਂ ਤਹਿਸੀਲ ਪ੍ਰਧਾਨ ਜਸਵੀਰ ਸਿੰਘ ਬਨਭੌਰਾ ਦੀ ਅਗਵਾਈ ਵਿੱਚ ਕਾਲੇ ਮਾਸਕ ਪਾ ਕੇ ਅਤੇ ਕਾਲੇ ਬਿੱਲੇ ਲਾ ਕੇ ਸਰਕਾਰ ਦੇ ਮੁਲਾਜ਼ਮ ਮਾਰੂ ਫ਼ੈਸਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਦਿਖਾਵਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ, ਧਰਮ ਸਿੰਘ ਗਿੱਲ, ਲਾਲ ਦੀਨ ਤੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ’ਤੇ ਚਲਦੀ ਹੋਈ ਮੁਲਾਜ਼ਮ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮ 31 ਜੁਲਾਈ ਤੱਕ ਐਕਸ਼ਨ ਕਰਨਗੇ ਅਤੇ 3 ਅਗਸਤ ਤੋਂ ਕਲਮ ਛੋੜ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਗੇ।