ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਫਰਵਰੀ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਕਮੇਟੀ ਮੈਂਬਰਾਂ ਅਤੇ ਔਰਤਾਂ ਵਲੋਂ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਨਾਮ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ 1 ਮਾਰਚ ਨੂੰ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਪੇਂਡੂ ਤੇ ਸ਼ਹਿਰੀ ਬੇਜ਼ਮੀਨੇ ਮਜ਼ਦੂਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕੀਤੇ ਜਾਣ।
ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਅਤੇ ਮਜ਼ਦੂਰ ਵਰਗ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਨਹੀਂ ਕੀਤੇ ਗਏ ਅਤੇ ਮਾਈਕਰੋ ਫਾਇਨਾਂਸ ਕੰਪਨੀਆਂ ਵੱਲੋਂ ਔਰਤਾਂ ਨੂੰ ਜਬਰੀ ਵਸੂਲੀ ਲਈ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰ ਵਰਗ ਅਤੇ ਔਰਤਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕੀਤੇ ਜਾਣ, ਗਰੀਬ ਪਰਿਵਾਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕੀਤੇ ਜਾਣ, ਫਾਇਨਾਂਸ ਕੰਪਨੀਆਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਪੰਜਾਬ ਸਰਕਾਰ ਦਾ ਪਿੰਡਾਂ ਅੰਦਰ ਕਿਰਤੀ ਸਹਿਕਾਰੀ ਸੁਸਾਇਟੀ ਬਣਾ ਕੇ ਗਰੀਬ ਬੇਜ਼ਮੀਨੇ ਪਰਿਵਾਰਾਂ ਨੂੰ ਲਿਮਟਾਂ ਬਣਾ ਕੇ ਘੱਟ ਵਿਆਜ ਦਰਾਂ ’ਤੇ ਕਰਜ਼ਾ ਦਿੱਤਾ ਜਾਵੇ, ਖੇਤੀ ਕਾਨੂੰਨਾਂ ਦੀ ਤਰ੍ਹਾਂ ਕਿਰਤ ਕਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਵਿਧਾਨ ਸਭਾ ਵਿੱਚ ਰੱਦ ਕੀਤਾ ਜਾਵੇ, ਖੇਤੀ ਮੋਟਰਾਂ ਦੀ ਤਰ੍ਹਾਂ ਮਜ਼ਦੂਰਾਂ ਤੇ ਛੋਟੇ ਦੁਕਾਨਦਾਰਾਂ ਨੂੰ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਰੁਕੇ ਹੋਏ ਵਜੀਫ਼ੇ ਅਤੇ ਪ੍ਰਾਈਵੇਟ ਕਾਲਜਾਂ ਵਲੋਂ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਡਿਗਰੀਆਂ ਤੁਰੰਤ ਚਾਲੂ ਕਰਾਉਣ ਆਦਿ ਮੰਗਾਂ ਨੂੰ ਲੈ ਕੇ 26 ਮਾਰਚ ਨੂੰ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕੀਤਾ ਜਾਵੇਗਾ।