ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਿਜਲੀ ਦਫਤਰ ਘਰਾਚੋਂ ਤੇ ਭਵਾਨੀਗੜ੍ਹ ’ਚ ਧਰਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਡਿਵੀਜ਼ਨਲ ਬਿਜਲੀ ਬੋਰਡ ਦੇ ਦਫਤਰ ਅੱਗੇ ਧਰਨਾ ਦੇਣ ਉਪਰੰਤ ਬਿਜਲੀ ਸੋਧ ਬਿਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਭਾਕਿਯੂ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਅਤੇ ਬਿਜਲੀ ਮੁਲਾਜ਼ਮ ਜਥੇਬੰਦੀ ਦੇ ਰਾਜਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿਲ 2025 ਰਾਹੀਂ ਬਿਜਲੀ ਮਹਿਕਮੇ ਨੂੰ ਪ੍ਰਾਈਵੇਟ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਖੇਤੀਬਾੜੀ ਖੇਤਰ ਵਿੱਚੋਂ ਬਾਹਰ ਕੱਢ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ।
ਇਸੇ ਤਰ੍ਹਾਂ ਬਿਜਲੀ ਦਫਤਰ ਘਰਾਚੋਂ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਨੇ ਕਿਹਾ ਕਿ ਬਿਜਲੀ ਬਿੱਲ ਰੂਪੀ ਕਾਲੇ ਕਾਨੂੰਨ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
