ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਦਸੰਬਰ
ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਸਵਾ ਮਹੀਨੇ ਤੋਂ ਸਿਹਤ ਸੇਵਾਵਾਂ ਠੱਪ ਕਰ ਕੇ ਬੇਮਿਆਦੀ ਹੜਤਾਲ ’ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਸਿਵਲ ਹਪਤਾਲ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚੰਨੀ ਸਰਕਾਰ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਐਲਾਨ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਐੱਨਐੱਚਐੱਮ ਮੁਲਾਜ਼ਮ ਯੂਨੀਅਨ ਦੇ ਆਗੂ ਲਖਵਿੰਦਰ ਕੌਸ਼ਿਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐੱਨਐੱਚਐੱਮ ਕੱਚੇ ਸਿਹਤ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ 36 ਹਜ਼ਾਰ ਮਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਐਲਾਨ, ਝੂਠ ਦਾ ਪਲੰਦਾ ਹੈ ਅਤੇ ਇਸ਼ਤਿਹਾਰਬਾਜ਼ੀ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਬਲਾਕ ਪ੍ਰਧਾਨ ਡਾ. ਰਜਨੀਸ਼ ਗਰਗ ਨੇ ਦੱਸਿਆ ਕਿ ਕਰੋਨਾਵਾਇਰਸ ਮਹਾਮਾਰੀ ਦੌਰਾਨ ਉਨ੍ਹਾਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਪ੍ਰੰਤੂ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਕੇ ਸਰਾਸਰ ਬੇਇਨਸਾਫ਼ੀ ਕਰ ਰਹੀ ਹੈ।
ਇਸ ਮੌਕੇ ਲੋਕਾਂ ਨੂੰ ਸਰਕਾਰ ਦੇ ਝੂਠੇ ਵਾਅਦਿਆਂ ਦੇ ਪਰਚੇ ਵੀ ਵੰਡੇ ਗਏ ਅਤੇ ਅਪੀਲ ਕੀਤੀ ਗਈ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦਾ ਬਾਈਕਾਟ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ’ਤੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਜਾਂ ਰੈਗੂਲਰ ਕਰਨ ਦੀ ਪਾਲਿਸੀ ਲਾਗੂ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਵੱਖ-ਵੱਖ ਸਿਹਤ ਕੇਂਦਰਾਂ ਵਿਚ ਐੱਨਐੱਚਐੱਮ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਤਹਿਤ ਅੱਜ 35ਵੇਂ ਦਿਨ ਇੱਥੇ ਸਰਕਾਰੀ ਹਸਪਤਾਲ ਵਿੱਚ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਪੱਕੀ ਨੌਕਰੀ ਦੇਣ ਦੇ ਕੀਤੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਐੱਨਐੱਚਐੱਮ ਅਧੀਨ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ 25 ਸਾਲਾਂ ਦਾ ਸਮਾਂ ਹੋ ਗਿਆ ਹੈ ਅਤੇ ਕਈ ਕਰਮਚਾਰੀ ਆਉਂਦੇ ਕੁੱਝ ਮਹੀਨਿਆਂ ਵਿੱਚ ਠੇਕੇ ’ਤੇ ਹੀ ਸੇਵਾਮੁਕਤ ਹੋਣ ਜਾ ਰਹੇ ਹਨ।