ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਫਰਵਰੀ
ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ 135ਵੇਂ ਦਿਨ ਵੀ ਧਰਨੇ ਜਾਰੀ ਰਹੇ। ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਭਾਜਪਾ ਦੀ ਮੋਦੀ ਹਕੂਮਤ ਨੇ 5 ਜੂਨ 2020 ਨੂੰ ਬਿਲਾਂ ਨੂੰ ਕਾਨੂੰਨੀ ਜਾਮਾ ਪਹਿਨਾਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਦੋ ਕਾਲੇ ਬਿੱਲ ਬਿਜਲੀ ਬਿਲ 2020 ਤੇ ਪ੍ਰਦੂਸ਼ਣ ਬਿਲ ਸਰਕਾਰ ਆਪਣੇ ਪਾਸ ਰੱਖੀ ਬੈਠੀ ਹੈ। ਇਹ ਤਿੰਨੇ ਕਾਲੇ ਕਾਨੂੰਨ ਜਿੱਥੇ ਖੇਤੀਬਾੜੀ ਦੀ ਆਰਥਿਕਤਾ ਨੂੰ ਤਬਾਹ ਕਰਨਗੇ ਮਿਹਨਤ ਕਰਨ ਵਾਲੇ ਲੋਕਾਂ ਦਾ ਸੱਤਿਆਨਾਸ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪਹਿਲੇ ਕਾਨੂੰਨ ਰਾਹੀਂ ਫਸਲਾਂ ਦੀ ਸਰਕਾਰੀ ਖਰੀਦ ਬੰਦ ਕਰਨ ਜਾ ਰਹੀਆਂ ਹਨ। ਦੂਜੇ ਕਾਨੂੰਨ ਰਾਹੀਂ ਠੇਕਾ ਨੀਤੀ ਸ਼ੁਰੂ ਕਰ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਤਿੰਨੇ ਕਾਨੂੰਨ ਤੇ ਦੋਨੋਂ ਬਿਲ ਖਤਮ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ’ਤੇ ਧਰਨੇ ਨੂੰ ਸੰਬੋਧਨ ਕਰਦੇ ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਧੂਰੀ (ਹਰਦੀਪ ਸਿੰਘ ਸੋਢੀ) ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਪਿੰਡ ਲੱਡਾ ਦੇ ਟੋਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਮਕੌਰ ਸਿੰਘ ਹਥਨ, ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 136ਵੇਂ ਦਿਨ ਵਿੱਚ ਦਾਖਲ ਹੋ ਗਿਆ। ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਦੇ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿੱਲੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ। ਇਸ ਤੋਂ ਪਤਾ ਲੱਗਦਾ ਕਿ ਕੇਂਦਰ ਸਰਕਾਰ ਦੀ ਨੀਅਤ ਵਿੱਚ ਕਿੰਨਾ ਫਰਕ ਹੈ। ਜਦੋਂਕਿ ਕੇਂਦਰ ਸਰਕਾਰ ਨੂੰ ਦਿੱਲੀ ਧਰਨੇ ਵਿੱਚ ਬੈਠੇ ਕਿਸਾਨ ਖਾਲਿਸਤਾਨ, ਮਾਓਵਾਦੀ, ਵੱਖਵਾਦੀ ਤਾਂ ਦਿੱਸ ਸਕਦੇ ਹਨ। ਰੋਜ਼ਾਨਾ ਸ਼ਹੀਦ ਹੋ ਰਹੇ ਕਿਸਾਨ ਨਹੀਂ ਦਿੱਸ ਰਹੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜਾਈ ਜਿੰਨੀ ਮਰਜ਼ੀ ਲੰਮੀ ਚਲੀ ਜਾਵੇ, ਹੁਣ ਕਿਸਾਨ ਜਥੇਬੰਦੀਆਂ ਪਿੱਛੇ ਮੁੜਨ ਵਾਲੀਆਂ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਕਿਸਾਨਾਂ ਦੀ ਲੜਾਈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜੀ ਜਾ ਰਹੀ ਹੈ, ਕਿਸੇ ਸਰਕਾਰ ਵਿਰੁੱਧ ਨਹੀਂ।
ਲਹਿਰਾਗਾਗਾ (ਰਮੇਸ਼ ਭਾਰਦਵਾਜ) ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 136ਵੇਂ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਬੁਲਾਰਿਆਂ ਨੇ ਕਿਹਾ ਕਿ ਭਰਾਤਰੀ ਜਥੇਬੰਦੀਆਂ ਵੱਲੋਂ ਦਿੱਤੇ ਗਏ ਪ੍ਰੋਗਰਾਮਾਂ ਅਨੁਸਾਰ ਫਰਵਰੀ ਨੂੰ ਪੁਲਵਾਮਾ ਹਮਲੇ ਦੇ ਸ਼ਹੀਦਾਂ ਤੇ ਕਿਸਾਨੀ ਘੋਲ ’ਚ ਸ਼ਹੀਦ ਹੋਏ 250 ਦੇ ਕਰੀਬ ਕਿਸਾਨ ਮਜ਼ਦੂਰ ਯੋਧਿਆਂ ਨੂੰ ਯਾਦ ਕਰਦਿਆਂ ਬਲਾਕ ਲਹਿਰਾਗਾਗਾ ਦੇ ਸਾਰੇ ਪਿੰਡਾਂ ਤੇ ਕਸਬਿਆਂ ਵਿੱਚ ਮਸ਼ਾਲ ਜਲੂਸ ਤੇ ਮੋਮਬੱਤੀ ਮਾਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਕਿਸਾਨ ਆਗੂ ਟੀਮ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕਾਂ ਨੂੰ ਲਾਮਬੰਦ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਇਕਜੁਟਤਾ ਨੂੰ ਕਾਇਮ ਰੱਖਣ ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਖਰੀ ਦਮ ਤੱਕ ਸੰਘਰਸ਼ ਕਰਨ ਲਈ ਤਿਆਰ ਹਨ।