protest: ਬਿਜਲੀ ਕੱਟਾਂ ਖ਼ਿਲਾਫ਼ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਧਰਨੇ
ਅਕਾਲੀ ਦਲ ਦੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ; ਨਿਰੰਤਰ ਬਿਜਲੀ ਸਪਲਾੲੀ ਦੇਣ ਦੀ ਮੰਗ; ਬਿਜਲੀ ਅਦਾਰੇ ਦਾ ਨਿੱਜੀਕਰਨ ਨਹੀਂ ਹੋਣ ਦੇਵੇਗਾ ਅਕਾਲੀ ਦਲ: ਰਾਠੀ
ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਅਤੇ ਸੂਬੇ ਦੇ ਕਥਿਤ ਵਿਗੜ ਰਹੇ ਹਾਲਾਤ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਜ਼ਿਲ੍ਹਾ ਹੈੱਡਕੁਆਟਰ ਪਟਿਆਲਾ ਵਿੱਚ ਪਾਰਟੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਪਟਿਆਲਾ ਸ਼ਹਿਰੀ ਅਤੇ ਦਿਹਾਤੀ ਹਲਕਿਆਂ ਦੇ ਇਚਾਰਜਾਂ ਅਮਰਿੰਦਰ ਬਜਾਜ ਤੇ ਬਿੱਟੂ ਚੱਠਾ ਦੀ ਸਾਂਝੀ ਅਗਵਾਈ ਹੇਠ ਡੀ ਸੀ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਹੀ ਡੀ ਸੀ ਦਫਤਰ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਭੇਜਿਆ ਗਿਆ। ਅਕਾਲੀ ਦਲ ਪੱਖੀ ਅਤੇ ਸਰਕਾਰ ਵਿਰੋਧੀ ਤਖਤੀਆਂ ਲੈ ਕੇ ਧਰਨੇ ’ਚ ਪੁੱਜੇ ਅਕਾਲੀ ਵਰਕਰਾਂ ਨੇ ਬਿਜਲੀ ਕੱਟਾਂ ਨੂੰ ਲੈ ਕੇ ‘ਆਪ’ ਸਰਕਾਰ ਦੇ ਖਿਲਾਫ਼ ਖੂਬ ਭੜਾਸ ਕੱਢੀ। ਜ਼ਿਲ੍ਹਾ ਪ੍ਰਧਾਨ ਅਮਿਤ ਰਾਠੀ ਤੇ ਹੋਰਾਂ ਨੇ ਕਿਹਾ ਕਿ ਕੱਟਾਂ ਕਾਰਨ ਸੂਬੇ ਦੇ ਕਿਸਾਨ ਤੇ ਲੋਕ ਦੁਖੀ ਹਨ। ‘ਆਪ’ ਸਰਕਾਰ ਇਸ ਜਨਤਕ ਅਦਾਰੇ ਦਾ ਨਿੱਜੀਕਰਨ ਕਰਨ ’ਤੇ ਉਤਾਰੁ ਹੋਈ ਪਈ ਹੈ ਪਰ ਅਕਾਲੀ ਦਲ ਆਪ ਦੇ ਅਜਿਹੇ ਮਾਰੂ ਮਨਸੂਬੇ ਕਦਾਚਿਤ ਵੀ ਸਫਲ ਨਹੀਂ ਹੋਣ ਦੇਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਟਿਊਬਵੈੱਲ ਮੋਟਰਾਂ ਲਈ ਨਿਰੰਤਰ ਅੱਠ ਘੰਟੇ ਅਤੇ ਘਰੇਲੂ ਸਪਲਾਈ 24 ਘੰਟੇ ਸਪਲਾਈ ਦਿੱਤੀ ਜਾਵੇ।
ਲਗਾਤਾਰ ਬਿਜਲੀ ਕੱਟਾਂ ਕਾਰਨ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ: ਖੰਨਾ
ਸੰਗਰੂਰ (ਗੁਰਦੀਪ ਸਿੰਘ ਲਾਲੀ): ਅਕਾਲੀ ਵਰਕਰਾਂ ਨੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ ਦੀ ਅਗਵਾਈ ਹੇਠ ਇੱਥੇ ਡੀ ਸੀ ਦਫ਼ਤਰ ਅੱਗੇ ਧਰਨੇ ’ਚ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ
ਬਿਜਲੀ ਕੱਟਾਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ, ਵਪਾਰੀਆਂ ਅਤੇ ਘਰੇਲੂ ਖਪਤਕਾਰਾਂ ਨੂੰਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿਚ ਨਿੱਤ ਦਿਨ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਤੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਪਰ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਬੁਰੀ ਤਰਾਂ ਫੇਲ੍ਹ ਸਾਬਤ ਹੋਈ ਹੈ। ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਬਿਜਲੀ ਸੰਕਟ ਦਾ ਹੱਲ ਨਾ ਕੀਤਾ ਤਾਂ ਅਕਾਲੀ ਦਲ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਬਿਜਲੀ ਸਪਲਾਈ ਦੇ ਪ੍ਰਬੰਧ ਦਰੁਸਤ ਕੀਤੇ ਜਾਣ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਐੱਸ ਡੀ ਐੱਮ ਪਾਤੜਾਂ ਦੇ ਦਫਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਮੌਕੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ’ਚ ਅਕਾਲੀ ਵਰਕਰਾਂ ਨੇ ‘ਆਪ’ ਸਰਕਾਰ ਨਾਅਰੇਬਾਜ਼ੀ ਕੀਤੀ। ਬਾਬੂ ਕਬੀਰ ਦਾਸ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ ਬਿਜਲੀ ਦੇ ਖੇਤਰ ਵਿੱਚ ਕੋਈ ਵੀ ਕੰਮ ਨਹੀਂ ਕੀਤਾ ਜਿਸ ਕਰਕੇ ਗਰਮੀ ਦੇ ਇਸ ਮੌਸਮ ਦੌਰਾਨ ਸੂਬੇ ਦੇ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਧੂਰੀ (ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ): ਪੰਜਾਬ ਅੰਦਰ ਬਿਜਲੀ ਦੇ ਲੰਮੇ ਲੰਮੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਤੇ ਵਰਕਰਾ ਵੱਲੋਂ ਪਾਵਰਕੌਮ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗਰਮੀ ਦੇ ਮੌਸਮ ਵਿੱਚ ਕਿਸਾਨਾਂ ਤੇ ਆਮ ਲੋਕਾਂ ਨੂੰ ਬਿਜਲੀ ਦੀ ਵੱਧ ਲੋੜ ਹੈ, ਜਿਸ ਕਰਕੇ ਸਰਕਾਰ ਵੱਲੋਂ 24 ਘੰਟੇ ਬਿਜਲੀ ਦੇਣੀ ਚਾਹੀਦੀ ਸੀ ਪਰ ਅਫਸੋਸ ਕਿ ਬਿਜਲੀ ਦੇ ਲੰਮੇ-ਲੰਮੇ ਕੱਟ ਲਾਏ ਜਾ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕ ਬਹੁਤ ਦੁੱਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਡੇ ਵੱਡੇ ਵਾਅਦੇ ਕਰਕੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ ਜਦੋਂ ਕਿ ਅਸਲੀਅਤ ਕੁਝ ਹੋਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਬਿਜਲੀ 24 ਘੰਟੇ ਮਿਲਦੀ ਸੀ ਤੇ ਹਰ ਵਰਗ ਦੇ ਲੋਕ ਖੁਸ਼ਹਾਲ ਸਨ ਜਦਕਿ ਅੱਜ ਹਾਲਾਤ ਉਲਟ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬਿਜਲੀ ਦੀ ਸਪਲਾਈ ਸਹੀ ਕਰਨ ਦੇ ਨਾਲ ਨਾਲ ਬਿਜਲੀ ਕੱਟ ਬੰਦ ਕੀਤੇ ਜਾਣ ਨਹੀਂ ਤਾਂ ਅਕਾਲੀ ਦਲ ਇਸ ਤੋਂ ਵੀ ਵੱਡਾ ਸੰਘਰਸ਼ ਕਰੇਗਾ।
ਸਰਕਾਰ ਅਤੇ ਪਾਵਰਕੌਮ ਦੀ ਨਾਕਾਮੀ ਕਾਰਨ ਲੋਕ ਖ਼ਫ਼ਾ: ਗੜ੍ਹੀ
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਪੁਰਾ ਦੇ ਮਿੰਨੀ ਸਕੱਤਰੇਤ ਅੱਗੇ ਧਰਨਾ ਲਾਇਆ ਗਿਆ। ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਬਿਜਲੀ ਕੱਟ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਅਸਫਲਤਾ ਦਾ ਸਪੱਸ਼ਟ ਸਬੂਤ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਨਾਲ ਜਸਬੀਰ ਸਿੰਘ ਜੱਸੀ,ਅਰਵਿੰਦਰ ਪਾਲ ਸਿੰਘ ਰਾਜੂ ਅਤੇ ਰਣਜੀਤ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਸ੍ਰੀ ਗੜ੍ਹੀ ਨੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੇ ਸਮੇਂ ਬਿਜਲੀ ਦੀ ਕੋਈ ਕਮੀ ਨਹੀਂ ਸੀ, ਜਦਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਬਿਜਲੀ ਕੱਟ ਬੰਦ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ।
ਸਰਕਾਰ ਪਿੰਡਾਂ ਤੇ ਸ਼ਹਿਰਾਂ ’ਚ ਲਗਾਤਾਰ ਬਿਜਲੀ ਸਪਲਾਈ ਦੇਵੇ: ਵਿਰਕ/ਮੁਖਮੈਲਪੁਰ
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਐੱਸ ਡੀ ਐੱਮ ਦੂੁਧਨਸਾਧਾਂ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਧਰਨੇ ਦੌਰਾਨ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਤੇ ਸੀਨੀਅਰ ਆਗੂ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਲੋਂ ਸੂਬੇ ’ਚ ਬਿਜਲੀ ਕੱਟ ਨਾ ਲਾਉਣ ਦਾ ਵਾਅਦਾ ਫੋਕਾ ਨਿਕਲਿਆ ਅਤੇ ਪੰਜਾਬ ਵਿੱਚ ਲੱਗ ਰਹੇ ਹਨ, ਜਿਸ ਕਾਰਨ ਸ਼ਹਿਰੀ ਅਤੇ ਪੇਂਡੂ ਬਹੁਤ ਦੁਖੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿੱਚ ਬੱਚਿਆਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹੁਣ ਤੋਂ ਹੀ ਲੋੜ ਅਨੁਸਾਰ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਝੋਨੇ ਦੇ ਸੀਜਨ ਵਿੱਚ ਫਸਲ ਲਈ ਬਿਜਲੀ ਦੀ ਘਾਟ ਨਾ ਆ ਸਕੇ।

