Protests in Punjab: ਮਾਨਸਾ ਮਾਮਲੇ ’ਚ ਸਮਾਜ ਸੇਵੀਆਂ ਵੱਲੋਂ ਮੁਜ਼ਾਹਰੇ
ਮੁਲਜ਼ਮਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ
ਵੱਖ-ਵੱਖ ਸਮਾਜ ਸੇਵੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਖ਼ਿਲਾਫ਼ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਲਈ ਇੱਥੇ ਦਿੱਲੀ-ਲੁਧਿਆਣਾ ਮਾਰਗ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਵਿੱਚ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਸਮਾਜ ਸੇਵੀ ਕਾਰਕੁਨਾਂ ਵੱਲੋਂ ਹੱਥਾਂ ਵਿਚ ਪਰਵਿੰਦਰ ਸਿੰਘ ਝੋਟੇ ਦੀਆਂ ਤਸਵੀਰਾਂ ਵਾਲੇ ਪੋਸਟਰ ਚੁੱਕੇ ਹੋਏ ਸਨ।
ਸਮਾਜ ਸੇਵੀ ਸੰਸਥਾ ਨੋਬਲ ਹੈਲਪਿੰਗ ਹੈਂਡਜ਼ ਫਾਊਂਡੇਸ਼ਨ ਦੀ ਅਗਵਾਈ ਹੇਠ ਭਗਵਾਨ ਮਹਾਵੀਰ ਚੌਕ ਵਿੱਚ ਇਕੱਠੇ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਤੇ ਨਗਰ ਕੌਂਸਲਰ ਸਤਿੰਦਰ ਸੈਣੀ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਅਤੇ ਨਸ਼ਿਆਂ ਨੂੰ ਬੰਦ ਕਰਾਉਣ ਲਈ ਜਨਤਕ ਤੌਰ ’ਤੇ ਸਵਾਲ ਕਰਨਾ ਗੁਨਾਹ ਬਣ ਗਿਆ ਹੈ। ਪਿਛਲੇ ਇੱਕ ਮਹੀਨੇ ਦੌਰਾਨ ਵਾਪਰੀਆਂ ਘਟਨਾਵਾਂ ਇਸ ਗੱਲ ਦਾ ਪ੍ਰਤੱਖ ਸਬੂਤ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈ ਕੇ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਦੀ ਹਮਾਇਤ ਕੀਤੀ ਅਤੇ ਬੰਦ ਦੌਰਾਨ ਰੋਸ ਮੁਜ਼ਾਹਰਿਆਂ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਮਾਜ ਸੇਵੀ ਰੌਸ਼ਨ ਗਰਗ, ਪ੍ਰੋ. ਮਲਕੀਤ ਖੱਟੜਾ, ਭੁਪਿੰਦਰ ਸਿੰਘ ਜੱਸੀ, ਸੰਦੀਪ ਸੈਣੀ ਭੂਲਨ, ਪਰਮਿੰਦਰ ਸਿੰਘ ਰਿੰਕੂ, ਓਮ ਪ੍ਰਕਾਸ਼, ਵਰਿੰਦਰ ਪੰਨਵਾਂ, ਕੁਲਜੀਤ ਪੰਨਵਾਂ, ਮਨਿੰਦਰ ਸਿੰਘ ਲਾਲੀ, ਦੇਸ ਰਾਜ, ਬਲਜਿੰਦਰ ਸਿੰਘ, ਮੋਹਨ ਲਾਲ, ਮਨੋਜ ਕੁਮਾਰ, ਗੁਰਲਾਲ ਸਿੰਘ, ਸੰਦੀਪ ਸਿੰਘ ਆਦਿ ਮੌਜੂਦ ਸਨ।
ਭਾਜਪਾ ਆਗੂਆਂ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ
ਪਟਿਆਲਾ (ਰਵੇਲ ਸਿੰਘ ਭਿੰਡਰ): ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਜਪਾ ਦੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੂਕਾ ਤੇ ਸੀਨੀਅਰ ਆਗੂ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਰਕਰਾਂ ਵੱਲੋਂ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ| ਇਸ ਮੌਕੇ ਭਾਜਪਾ ਦੇ ਸੀਨੀਅਰ ਵਫ਼ਦ ਵੱਲੋਂ ਡੀ ਸੀ ਦਫ਼ਤਰ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਦਿਆਂ ਜਿੱਥੇ ਘਟਨਾ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਗਈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਗਈ| ਇਸ ਮੌਕੇ ਭਾਜਪਾ ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਦੀ ਇਸ ਵੇਲੇ ਵੱਡੀ ਲੋੜ ਹੈ ਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ| ਇਸ ਮੌਕੇ ਭਾਜਪਾਈ ਵਰਕਰਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ| ਇਸ ਮੌਕੇ ਕੇ ਕੇ ਮਲਹੋਤਰਾ, ਕੇ ਕੇ ਸ਼ਰਮਾ, ਵਰੁਣ ਜਿੰਦਲ, ਸੰਦੀਪ ਮਲਹੋਤਰਾ, ਮਨੀਸ਼ਾ ਉੱਪਲ, ਬਾਲ ਕ੍ਰਿਸ਼ਨ ਭਾਰਦਵਾਜ, ਦੇਵ ਪ੍ਰਕਾਸ਼ ਬਾਲਾ, ਮਨਦੀਪ ਸ਼ਰਮਾ, ਬਲਵਿੰਦਰ ਸਿੰਘ ਕੰਗ, ਤਰਸੇਮ ਸਿੰਘ ਤੇ ਤੇਜਿੰਦਰ ਸਿੰਘ ਤੇਜੀ ਹਾਜ਼ਰ ਸਨ|

