ਪਿੰਡਾਂ ’ਚ ਖੇਡ ਸਹੂਲਤਾਂ ਦੇਣਾ ਤਰਜੀਹ: ਚੀਮਾ
ਵਿਧਾਇਕਾਂ ਨੇ ਚਾਰ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ; ਨੌਜਵਾਨਾਂ ਨੂੰ ਖੇਡਾਂ ’ਚ ਹਿੱਸਾ ਲੈਣ ਲਈ ਪ੍ਰੇਰਿਆ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਵਿੱਚ ਲਗਭਗ 1 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਦਿੜ੍ਹਬਾ ਦੇ ਐੱਸ ਡੀ ਐੱਮ ਤਰਸੇਮ ਚੰਦ ਤੋਂ ਇਲਾਵਾ ਸਥਾਨਕ ਆਗੂ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਤਿਆਰ ਹੋਣ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਅਭਿਆਸ ਦਾ ਮੌਕਾ ਮਿਲੇਗਾ ਅਤੇ ਖੇਡਾਂ ਵਿੱਚ ਨਵੀਂ ਪੀੜ੍ਹੀ ਨੂੰ ਅੱਗੇ ਵਧਣ ਲਈ ਪ੍ਰੇਰਨਾ ਮਿਲੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਟੇਡੀਅਮ ਦੀ ਸੰਭਾਲ ਕੀਤੀ ਜਾਵੇ ਅਤੇ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡਾਂ ਵਿੱਚ ਆਧੁਨਿਕ ਖੇਡ ਢਾਂਚਾ ਮਜ਼ਬੂਤ ਕਰਨ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਰਾਏਧਰਾਣਾ ਵਿੱਚ 62 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਣ ਲਈ ਇੱਕ ਵਧੀਆ ਮੰਚ ਮੁਹੱਈਆ ਕਰੇਗਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਰਾਜ ਦਾ ਨਾਮ ਰੌਸ਼ਨ ਕਰਨ। ਇਸ ਦੌਰਾਨ ਪਿੰਡ ਵਾਸੀਆਂ ਅਤੇ ਖਿਡਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਖੇਡ ਮੈਦਾਨ ਦਾ ਪੂਰਾ ਲਾਭ ਲਿਆ ਜਾਵੇਗਾ।
ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਭਰਾਜ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਰੇਤਗੜ੍ਹ ਵਿੱਚ ਲਗਭਗ 85.46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਵਿੱਚ ਦੌੜ ਟਰੈਕ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਖੇਡ ਪ੍ਰੇਮੀ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਰੁਝਾਨ ਵਧਾਉਣ ਅਤੇ ਆਪਣੇ ਜੀਵਨ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਬਣਾਉਣ। ਇਸ ਮੌਕੇ ਸਰਪੰਚ ਰਾਜਵੀਰ ਕੌਰ ਅਤੇ ਪਿੰਡ ਵਾਸੀਆਂ ਨੇ ਵਿਧਾਇਕਾ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਬਣਨ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਨਵੀਂ ਪ੍ਰੇਰਣਾ ਮਿਲੇਗੀ।
ਜੌੜਾਮਾਜਰਾ ਵੱਲੋਂ ਕਲਿਆਣ ’ਚ ਸਟੇਡੀਅਮ ਦਾ ਉਦਘਾਟਨ
ਪਟਿਆਲਾ (ਸਰਬਜੀਤ ਸਿੰਘ ਭੰਗੂ): ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਦੇ ਨਾਲ ਲੱਗਦੇ ਪਟਿਆਲਾ ਬਲਾਕ ’ਚ ਪੈਂਦੇ ਸਮਾਣਾ ਹਲਕੇ ਦੇ ਪਟਿਆਲਾ-ਨਾਭਾ ਰੋਡ ’ਤੇ ਸਥਿਤ ਪਿੰਡ ਕਲਿਆਣ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਪਟਿਆਲਾ ਦੇ ਬੀ ਡੀ ਪੀ ਓ ਹਰਮਹਿੰਦਰ ਸਿੰਘ ਸਮੇਤ ਬੀ ਡੀ ਓ ਅਮਰੀਕ ਸਿੰਘ ਮੁਰਾਦਪੁਰ, ਪੰਚਾਇਤ ਅਫ਼ਸਰ ਗੁਰਮੁੱਖ ਸਿੰਘ, ਪੰਚਾਇਤ ਸਮਿਤੀ ਪਟਿਆਲਾ ਦੀ ਚੇਅਰਪਰਸਨ ਸਰਬਜੀਤ ਕੌਰ, ਵਾਈਸ ਚੇਅਰਮੈਨ ਬਲਕਾਰ ਰਾਜਗੜ੍ਹ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਟਿਵਾਣਾ, ਸਰਪੰਚ ਦਰਸ਼ਨ ਸਿੰਘ ਕਲਿਆਣ, ਸਾਬਕਾ ਸਰਪੰਚ ਅਮਰ ਸਿੰਘ ਕਲਿਆਣ ਅਤੇ ਸਰਪੰਚ ਸੁਖਦੇਵ ਸਿੰਘ ਨਵਾਂ ਰੱਖੜਾ ਵੀ ਮੌਜੂਦ ਸਨ।

