ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 21 ਦਸੰਬਰ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇਸਤਰੀ ਜਾਗ੍ਰਿਤੀ ਮੰਚ ਅਤੇ ਜਮਾਤ-ਏ-ਇਸਲਾਮੀ ਹਿੰਦ ਦੀ ਪੰਜਾਬ ਇਕਾਈ ਦੇ ਸਹਿਯੋਗ ਨਾਲ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੌਮੀ ਨਾਗਰਿਕਤਾ ਰਜਿਸਟਰ (ਐੱਨ.ਆਰ.ਸੀ.) ਖ਼ਿਲਾਫ਼ ਸ਼ਾਹੀਨ ਬਾਗ ਦਿੱਲੀ ਦੇ ਮੋਰਚੇ ਦੇ ਦੋ ਸਾਲ ਪੂਰੇ ਹੋਣ ’ਤੇ ਸਥਾਨਕ ਸਰਕਾਰੀ ਕਾਲਜ ਤੋਂ ਟਰੱਕ ਯੂਨੀਅਨ ਚੌਕ ਤੱਕ ਰੈਲੀ ਕੱਢਦਿਆਂ ਮੋਰਚੇ ’ਚ ਲੜਨ ਵਾਲੀਆਂ ਔਰਤਾਂ ਨੂੰ ਯਾਦ ਕੀਤਾ।
ਵਿਦਿਆਰਥੀ ਆਗੂ ਕਿਰਨਪਾਲ ਕੌਰ ਹਥੋਆ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਚਰਨਜੀਤ ਕੌਰ ਨੇ ਕਿਹਾ ਕਿ ਇਸ ਅੰਦੋਲਨ ਨੇ ਕੌਮਾਂਤਰੀ ਪੱਧਰ ਉੱਤੇ ਲੋਕਾਂ ਦਾ ਧਿਆਨ ਖਿੱਚਿਆ ਸੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਜਿੱਥੇ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਹਨ ਉੱਥੇ ਇਹ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਵੀ ਵਿਰੋਧੀ ਹਨ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਹਿੰਦੂਤਵੀ ਫਾਸ਼ੀਵਾਦੀ ਏਜੰਡੇ ਦਾ ਹਿੱਸਾ ਹਨ। ਜਮਾਤ-ਏ-ਇਸਲਾਮੀ ਹਿੰਦ ਦੀ ਆਗੂ ਤਾਨੀਆ ਤਬਸੁੱਮ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਮਨਦੀਪ ਕੌਰ ਤੇ ਪੰਜਾਬ ਸਟੂਡੈਂਟਸ ਦੇ ਜ਼ਿਲ੍ਹਾ ਆਗੂ ਮਨਦੀਪ ਰਟੋਲਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਭਾਵੇਂ ਕਰੋਨਾ ਦੀ ਆੜ ਹੇਠ ਸ਼ਾਹੀਨ ਬਾਗ਼ ਦਾ ਮੋਰਚਾ ਚੁਕਵਾ ਦਿੱਤਾ ਸੀ ਪਰ ਇਨ੍ਹਾਂ ਕਾਨੂੰਨਾਂ ਵਿਰੁੱਧ ਲੋਕਾਂ ਦੇ ਮਨਾਂ ਅੰਦਰ ਅਜੇ ਵੀ ਗੁੱਸਾ ਹੈ।
ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਜਸਪ੍ਰੀਤ ਕੌਰ ਜੱਸੂ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਸੀਏਏ ਅਤੇ ਐੱਨਆਰਸੀ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਖੁਸ਼ਵਿੰਦਰ ਕੁਮਾਰ ਦੇ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇ ਕੇ ਸੀਏਏ, ਐੱਨਆਰਸੀ ਅਤੇ ਐੱਨ ਪੀਆਰ ਰੱਦ ਕਰਨ ਦੀ ਮੰਗ ਕੀਤੀ।